ਦੇਹਰਾਦੂਨ ’ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਝਗੜਾ, ਦਿੱਲੀ ਦੇ ਅਰੁਣ ਕੁਮਾਰ ਦੀ ਹੋਈ ਮੌਤ
ਪੁਲਿਸ ਨੇ ਆਰੋਪੀ ਅਜੈ ਕਿਸ਼ੋਰ ਦਿਓਲੀ ਨੂੰ ਕੀਤਾ ਗ੍ਰਿਫਤਾਰ
ਦੇਹਰਾਦੂਨ : ਦੇਹਰਾਦੂਨ ਦੇ ਪ੍ਰੇਮਨਗਰ ਇਲਾਕੇ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਵਿਅਕਤੀਆਂ ਵਿਚਕਾਰ ਹੋਈ ਲੜਾਈ ਵਿੱਚ ਇੱਕ 38 ਸਾਲਾ ਵਿਅਕਤੀ ਦੀ ਮੌਤ ਹੋ ਗਈ। ਦੇਹਰਾਦੂਨ ਪੁਲਿਸ ਵੱਲੋਂ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਪਛਾਣ ਅਰੁਣ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪਹਾੜਗੰਜ ਦਿੱਲੀ ਦਾ ਰਹਿਣ ਵਾਲਾ ਸੀ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਅਜੈ ਕਿਸ਼ੋਰ ਦਿਓਲੀ (34) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੁਮਾਰ ਅਤੇ ਦਿਓਲੀ ਦੀ ਪੁਰਾਣੀ ਰੰਜਿਸ਼ ਸੀ ਅਤੇ ਸੋਮਵਾਰ ਸ਼ਾਮ ਨੂੰ ਅਚਾਨਕ ਇੱਕ ਦੂਜੇ ਦਾ ਸਾਹਮਣਾ ਹੋਣ ’ਤੇ ਉਨ੍ਹਾਂ ਵਿਚਕਾਰ ਲੜਾਈ ਹੋ ਗਈ।
ਪ੍ਰਤੱਖਦਰਸ਼ੀਆਂ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਲੜਾਈ ਦੌਰਾਨ ਦੋਵੇਂ ਵਿਅਕਤੀਆਂ ਨੇ ਇੱਕ ਦੂਜੇ ਨੂੰ ਲੱਤਾਂ ਅਤੇ ਮੁੱਕੇ ਮਾਰੇ, ਜਿਸ ਤੋਂ ਬਾਅਦ ਕੁਮਾਰ ਸੜਕ ’ਤੇ ਮੂੰਧੇ ਮੂੰਹ ਡਿੱਗ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਿਓਲੀ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਰੁਣ ਕੁਮਾਰ ਪਿਛਲੇ ਕਈ ਸਾਲਾਂ ਤੋਂ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਦੇਹਰਾਦੂਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਕਿਹਾ ਕਿ ਅਰੁਣ ਕੁਮਾਰ ਵਿਰੁੱਧ 2023 ਵਿੱਚ ਪ੍ਰੇਮ ਨਗਰ ਪੁਲਿਸ ਸਟੇਸ਼ਨ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ, ਅਤੇ ਇਸ ਦੋਸ਼ ਵਿੱਚ ਲੰਮਾ ਸਮਾਂ ਜੇਲ੍ਹ ’ਚ ਬਿਤਾਉਣ ਤੋਂ ਬਾਅਦ ਉਸ ਨੂੰ ਹਾਲ ਹੀ ਵਿੱਚ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ।