ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਬੈਲਜੀਅਮ ਦੇ ਅੰਬੈਸਡਰ Philippe Bronchain

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਵਿਚ ਬੈਲਜੀਅਮ ਦੇ ਅੰਬੈਸਡਰ ਫਿਲਿਪ ਬ੍ਰੋਂਚੇਨ ਨੇ ਅੱਜ ਅਪਣੇ ਵਫਦ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

Ambassador of Belgium Philippe Bronchain visit Gurudwara Kartarpur Sahib

ਨਾਰੋਵਾਲ (ਬਾਬਰ ਜਲੰਧਰੀ): ਪਾਕਿਸਤਾਨ ਵਿਚ ਬੈਲਜੀਅਮ ਦੇ ਅੰਬੈਸਡਰ ਫਿਲਿਪ ਬ੍ਰੋਂਚੇਨ ਨੇ ਅੱਜ ਅਪਣੇ 3 ਮੈਂਬਰੀ ਵਫ਼ਦ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਨੇ ਸੰਗਤਾਂ ਦੇ ਨਾਲ ਪੰਗਤ ਵਿਚ ਬੈਠ ਕੇ ਗੁਰੂ ਘਰ ਦਾ ਲੰਗਰ ਛਕਿਆ।

ਇਸ ਤੋਂ ਬਾਅਦ ਉਹਨਾਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਦਰਸ਼ਨ ਕਰਨ ਆਈਆਂ ਹੋਰ ਸੰਗਤਾਂ ਨਾਲ ਗੱਲਬਾਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪੀਐਮਯੂ ਅਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਮੇਸ਼ ਸਿੰਘ ਅਰੋੜਾ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਾਰੋਵਾਲ ਦੇ ਡਿਪਟੀ ਕਮਿਸ਼ਨਰ ਨਬੀਲਾ ਇਰਫਾਨ ਨੇ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਫਿਲਿਪ ਬ੍ਰੋਂਚੇਨ ਨੇ ਸੁਨੇਹਾ ਦਿੱਤਾ ਕਿ ਜਿੱਥੇ ਸ੍ਰੀ ਕਰਤਾਪੁਰ ਸਾਹਿਬ ਸਿੱਖਾਂ ਲਈ ਖ਼ਾਸ ਮਹੱਤਵ ਰੱਖਦਾ ਹੈ, ਉੱਥੇ ਹੀ ਇਹ ਪੂਰੀ ਦੁਨੀਆਂ ਨੂੰ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ।

ਉਹਨਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ, ਜਿੱਥੇ ਉਹਨਾਂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ, ਦੇ ਦਰਸ਼ਨ ਜ਼ਰੂਰ ਕਰਨ।