ਪਾਕਿ ਪ੍ਰਧਾਨ ਮੰਤਰੀ ਦੇ ਦਫ਼ਤਰ ਨੂੰ ਲੱਗੀ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਘਟਨਾ ਸਮੇਂ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ

Fire breaks out at PM's office

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਫ਼ਤਰ ਨੂੰ ਅੱਜ ਸੋਮਵਾਰ ਨੂੰ ਅੱਗ ਲੱਗ ਗਈ। ਪ੍ਰਧਾਨ ਮੰਤਰੀ ਦਫ਼ਤਰ ਦੀ ਛੇਵੀਂ ਮੰਜ਼ਲ ਨੂੰ ਇਹ ਅੱਗ ਲੱਗੀ ਅਤੇ ਘਟਨਾ ਸਮੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਫ਼ਤਰ ਦੀ ਪਹਿਲੀ ਮੰਜ਼ਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਅੱਗ ਲੱਗਣ ਦਾ ਮਾਮਲਾ ਸਾਹਮਣੇ ਆਉਣ ਤੋਂ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ। 

ਐਕਸਪ੍ਰੈੱਸ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਕੀ ਇਸ ਅੱਗ ਕਾਰਨ ਕੋਈ ਅਹਿਮ ਦਸਤਾਵੇਜ਼ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਉਹ ਕੋਈ ਜਾਣਕਾਰੀ ਦੇ ਸਕਣਗੇ।

ਉਨ੍ਹਾਂ ਕਿਹਾ ਕਿ ਉਹ ਅੱਗ ਲੱਗਣ ਦੇ ਸੰਭਾਵੀ ਕਾਰਨਾਂ ਬਾਰੇ ਯਕੀਨੀ ਤੌਰ 'ਤੇ ਕੁੱਝ ਨਹੀਂ ਕਹਿ ਸਕਦੇ। ਅੱਗ ਲੱਗਣ ਦੀ ਘਟਨਾ ਬਾਰੇ ਜਦ ਇਮਰਾਨ ਖ਼ਾਨ ਨੂੰ ਦਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਕਮਰੇ ਵਿਚ ਬੈਠੇ ਸਾਰੇ ਲੋਕਾਂ ਨੂੰ ਬਾਹਰ ਕੱਢੋ, ਉਸ ਤੋਂ ਬਾਅਦ ਇਮਰਾਨ ਖ਼ਾਨ ਨੂੰ ਕਮਰੇ ਤੋਂ ਸੁਰੱਖਿਅਤ ਬਾਹਰ ਲਿਜਾਇਆ ਗਿਆ। ਇਸ ਘਟਨਾ ਵਿਚ ਕੋਈ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। (ਏਜੰਸੀ)