ਕੈਨਬਰਾ ਤੋਂ ਬਾਅਦ ਹੁਣ ਵਿਕਟੋਰੀਆ 'ਚ ਰਚਿਆ ਗਿਆ ਇਤਿਹਾਸ
ਵਿਕਟੋਰੀਆ ਦੀ ਪਾਰਲੀਮੈਂਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼
ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਆਸਟ੍ਰੇਲੀਆ ਵਿਚ ਕੈਨਬਰਾ ਦੀ ਸੰਘੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤੇ ਜਾਣ ਤੋਂ ਬਾਅਦ ਹੁਣ ਵਿਕਟੋਰੀਆ ਸੂਬੇ ਦੀ ਪਾਰਲੀਮੈਂਟ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਹੁਤ ਹੀ ਅਦਬ ਤੇ ਸਤਿਕਾਰ ਨਾਲ ਵਾਹਿਗੁਰੂ ਦਾ ਜਾਪ ਕਰਦੇ ਹੋਏ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਲਿਆਂਦਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਅਤੇ ਹੋਰ ਲੋਕ ਮੌਜੂਦ ਸਨ। ਕੈਨਬਰਾ ਤੋਂ ਬਾਅਦ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਪ੍ਰਕਾਸ਼ ਹੋਇਆ ਹੈ ਜੋ ਕਿ ਵਿਕਟੋਰੀਆ ਵਿਚ ਇਕ ਇਤਿਹਾਸ ਬਣ ਗਿਆ ਹੈ। ਕਿਉਂਕਿ ਇਸ ਤੋਂ ਪਹਿਲਾਂ ਕਦੇ ਅਜਿਹਾ ਨਹੀਂ ਹੋਇਆ। ਇਸ ਮੌਕੇ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਬੋਲੇ ਸੋ ਨਿਹਾਲ ਦੇ ਨਾਅਰੇ ਗੂੰਜਦੇ ਸੁਣਾਈ ਦਿੱਤੇ।
ਇਸ ਮੌਕੇ ਸਿੱਖ ਵਿਦਵਾਨਾਂ ਦੇ ਨਾਲ-ਨਾਲ ਆਸਟ੍ਰੇਲੀਅਨ ਨੇਤਾਵਾਂ ਨੇ ਸਮੂਹ ਸਿੱਖਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਵਾਦ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ। ਇਸ ਸਮਾਗਮ ਨੂੰ ਕਰਵਾਉਣ ਵਿਚ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਮਟਨ, ਆਸਟਰੇਲੀਅਨ ਸਿੱਖ ਕੌਂਸਲ ਅਤੇ ਆਸਟਰੇਲੀਅਨ ਮਲਟੀਕਲਚਰਲ ਆਰਗੇਨਾਈਜੇਸ਼ਨ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਦੌਰਾਨ ਵਿਕਟੋਰੀਆ ਦੀ ਪਾਰਲੀਮੈਂਟ ਵਿਚ ਪੁੱਜੀਆਂ ਸੰਗਤਾਂ ਨੇ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਆਸਟ੍ਰੇਲੀਆ ਵਿਚ ਕੈਨਬਰਾ ਦੀ ਸੰਘੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਪ੍ਰਕਾਸ਼ ਹੋਇਆ ਸੀ ਜੋ ਅਪਣੇ ਆਪ ਵਿਚ ਇਤਿਹਾਸ ਸੀ। ਵਿਦੇਸ਼ ਵਿਚ ਸਿੱਖਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਲੈ ਕੇ ਵਿਸ਼ਵ ਭਰ ਦੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।