ਭਾਰਤੀ ਸਿੱਖ ਸ਼ਰਧਾਲੂ ਨਿਡਰ ਹੋ ਕੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ : ਰਮੇਸ਼ ਸਿੰਘ ਅਰੋੜਾ
ਕਿਹਾ : ਭਾਰਤੀ ਮੀਡੀਆ ਅਦਾਰਿਆਂ ਵੱਲੋਂ ਫੈਲਾਏ ਜਾ ਰਹੇ ਡਰ ’ਤੇ ਨਾ ਦੇਣ ਧਿਆਨ
ਲਾਹੌਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਗੁਰਪੁਰਬ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਆਉਣ ’ਤੇ ਕੁੱਝ ਭਾਰਤੀ ਮੀਡੀਆ ਅਦਾਰਿਆਂ ਵੱਲੋਂ ਬਿਨਾਂ ਕਿਸੇ ਆਧਾਰ ’ਤੇ ਡਰ ਫ਼ੈਲਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਂ ਭਾਰਤੀ ਸਿੱਖ ਸੰਗਤਾਂ ਬਾਰੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਬਲਕਿ ਪਾਕਿਸਤਾਨ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਬਹੁਤ ਚੰਗੇ ਪ੍ਰਬੰਧ ਅਤੇ ਸੁਰੱਖਿਆ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸਿਰਫ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜਾ (16 ਜੂਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ) ਸਬੰਧੀ ਕੁਝ ਮਾਮਲੇ ਹਨ, ਜਿਨ੍ਹਾਂ ਬਾਰੇ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨਾਲ ਵਿਚਾਰ ਕਰਕੇ ਹੱਲ ਕੱਢਿਆ ਜਾਵੇਗਾ।
ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਾਰੇ ਧਾਰਮਿਕ ਤਿਉਹਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਹੀ ਮਨਾਏ ਜਾਂਦੇ ਹਨ ਅਤੇ ਸਿੱਖ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਾਰਤੀ ਸਿੱਖ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਨਿਡਰ ਹੋ ਕੇ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ।