ਭਾਰਤ 'ਚ ਚੋਣਾਂ ਤੋਂ ਬਾਅਦ ਕਰਤਾਰਪੁਰ ਲਾਂਘੇ 'ਤੇ ਗੱਲਬਾਤ ਬਹਾਲ ਕਰਨਾ ਚਾਹੁੰਦੈ ਪਾਕਿ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਰਤੀ ਵਫ਼ਦ ਨੇ ਅਪ੍ਰੈਲ ਵਿਚ ਪਾਕਿਸਤਾਨ ਜਾਣਾ ਸੀ ਪਰ ਆਖ਼ਰੀ ਸਮੇਂ ਵਿਚ ਭਾਰਤ ਨੇ ਨਾ ਜਾਣ ਦਾ ਫ਼ੈਸਲਾ ਕੀਤਾ

Pakistan expects to resume talks on Kartarpur Corridor after elections in India

ਇਸਲਾਮਾਬਾਦ : ਭਾਰਤ ਵਿਚ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣਨ ਦੇ ਨਾਲ ਹੀ ਪਾਕਿਸਤਾਨ ਕਰਤਾਰਪੁਰ ਲਾਂਘੇ ਦੇ ਸਮਝੌਤੇ ਨੂੰ ਅੰਤਮ ਰੂਪ ਦੇਣ ਲਈ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਬਹਾਲ ਕਰਨ ਦੇ ਪੱਖ ਵਿਚ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਨਰੋਵਾਲ ਸਥਿਤ ਗੁਰਦਵਾਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਗੁਰਦਵਾਰੇ ਨਾਲ ਜੋੜੇਗਾ। ਲਾਂਘਾ ਬਣਨ ਤੋਂ ਬਾਅਦ ਭਾਰਤ ਦੇ ਸਿੱਖਾਂ ਨੂੰ ਬਿਨਾਂ ਵੀਜ਼ਾ ਪਾਕਿਸਤਾਨ ਸਥਿਤ ਗੁਰਦਵਾਰਿਆਂ ਤਕ ਜਾਣ ਦੀ ਇਜਾਜ਼ਤ ਹੋਵੇਗੀ।

ਐਕਸਪ੍ਰੈਸ ਟ੍ਰਿਬਿਊਨ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਛਾਪੀ ਖ਼ਬਰ ਵਿਚ ਲਿਖਿਆ ਹੈ ਕਿ ਭਾਰਤ ਵਿਚ ਨਵੀਂ ਸਰਕਾਰ ਬਣਨ ਤੋਂ ਬਾਅਦ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ 'ਤੇ ਗੱਲਬਾਤ ਮੁੜ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਸੱਤ ਗੇੜਾਂ ਤਹਿਤ ਹੋਣ ਵਾਲੀਆਂ ਲੋਕ ਸਭਾ ਚੋਣਾਂ 11 ਅਪ੍ਰੈਲ ਤੋਂ ਸ਼ੁਰੂ ਹੋਈਆਂ ਹਨ। ਇਨ੍ਹਾਂ ਚੋਣਾਂ ਦਾ ਆਖ਼ਰੀ ਗੇੜ 19 ਮਈ ਨੂੰ ਹੈ ਅਤੇ 23 ਮਈ ਨੂੰ ਨਤੀਜਿਆਂ ਦਾ ਐਲਾਨ ਹੋ ਜਾਵੇਗਾ। 

ਪਾਕਿਸਤਾਨ ਦੇ ਇਕ ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਦੇ ਦੇਸ਼ ਵਲੋਂ ਲਾਂਘੇ ਨੂੰ ਲੈ ਕੇ ਕੋਈ ਦੇਰੀ ਨਹੀਂ ਕੀਤੀ ਜਾ ਰਹੀ ਹੈ ਪਰ ਮੌਜੂਦਾ ਸਮੇਂ ਵਿਚ ਭਾਰਤ ਇਸ ਮਾਮਲੇ 'ਤੇ ਅੱਗੇ ਨਹੀਂ ਵਧਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਭਰੋਸਾ ਹੈ ਕਿ ਚੋਣਾਂ ਤੋਂ ਬਾਅਦ ਭਾਰਤ ਮੁੜ ਤੋਂ ਗੱਲਬਾਤ ਸ਼ੁਰੂ ਕਰੇਗਾ। ਦੋਹਾਂ ਦੇਸ਼ਾਂ ਵਿਚਾਲੇ ਇਸ ਮੁੱਦੇ 'ਤੇ 16 ਅਪ੍ਰੈਲ ਨੂੰ ਗੱਲਬਾਤ ਹੋਈ ਸੀ।

ਭਾਰਤੀ ਵਫ਼ਦ ਨੇ ਅਪ੍ਰੈਲ ਵਿਚ ਪਾਕਿਸਤਾਨ ਜਾਣਾ ਸੀ ਪਰ ਆਖ਼ਰੀ ਸਮੇਂ ਵਿਚ ਭਾਰਤ ਨੇ ਨਾ ਜਾਣ ਦਾ ਫ਼ੈਸਲਾ ਕੀਤਾ। ਇਸ ਦਾ ਕਾਰਨ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਵਲੋਂ ਬਣਾਈ ਗਈ ਸਹਿਮਤੀ ਨੂੰ ਲੈ ਕੇ ਪੈਦਾ ਹੋਈ ਚਿੰਤਾ ਸੀ। ਇਸ ਲਾਂਘੇ 'ਤੇ ਪਾਕਿਸਤਾਨ ਵਲੋਂ ਬਣਾਈ ਗਈ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਚ ਕਈ ਖ਼ਾਲਿਸਤਾਨੀ ਵੱਖਵਾਦੀਆਂ ਦੀ ਮੌਜੂਦਗੀ ਨੂੰ ਲੈ ਕੇ ਭਾਰਤ ਨੇ ਚਿੰਤਾ ਪ੍ਰਗਟਾਈ ਸੀ।