ਵਿਸਾਖੀ ਮੌਕੇ ਵੈਨਕੂਵਰ ਸਥਿਤ ਗੁਰੂ ਘਰ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 

ਏਜੰਸੀ

ਖ਼ਬਰਾਂ, ਕੌਮਾਂਤਰੀ

ਸੰਗਤ ਨਾਲ ਕੀਤੀ ਗੱਲਬਾਤ ਅਤੇ ਦਿਤੀ ਵਿਸਾਖੀ ਦੀ ਵਧਾਈ 

Canada PM Justin Trudeau interacts with Sikh community on Baisakhi in Vancouver

ਚੰਡੀਗੜ੍ਹ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਵੈਨਕੂਵਰ ਵਿਚ ਸਿੱਖ ਭਾਈਚਾਰੇ ਨਾਲ ਵਿਸਾਖੀ ਮਨਾਈ ਅਤੇ ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।

ਇਸ ਮੌਕੇ ਪ੍ਰਵਾਸੀ ਭਾਰਤੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਟਰੂਡੋ ਨੇ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਔਰਤਾਂ ਅਤੇ ਬੱਚਿਆਂ ਸਮੇਤ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ। ਸੰਗਤ ਨੇ ਵੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਸਿੱਖ ਭਾਈਚਾਰੇ ਵਲੋਂ ਕਰਵਾਏ ਇਸ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ ਅਤੇ ਇਸ ਦਾ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, "ਭਾਈਚਾਰਾ ਉਹ ਹੈ ਜਿਸ ਬਾਰੇ ਵਿਸਾਖੀ ਹੈ - ਅਤੇ ਅੱਜ ਅਸੀਂ ਇਸ ਦੀ ਅਹਿਮੀਅਤ ਨੂੰ ਦੇਖਦੇ ਹੋਏ ਦੱਖਣੀ ਵੈਨਕੂਵਰ ਵਿਖੇ ਖ਼ਾਲਸਾ ਦੀਵਾਨ ਸੁਸਾਇਟੀ ਵਿਚ ਇਸ ਤਿਉਹਾਰ ਨੂੰ ਮਨਾਉਣ ਲਈ ਇਕੱਠੇ ਹੋਏ ਹਾਂ। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ!।”

ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇਸ ਵੀਡੀਓ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮੌਕੇ 'ਤੇ ਮੌਜੂਦ ਲੋਕਾਂ ਨਾਲ ਗਲੇ ਮਿਲਦੇ ਅਤੇ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਗੁਰੂ ਘਰ ਨਤਮਸਤਕ ਹੋਏ ਅਤੇ ਪ੍ਰਸਾਦ ਵੀ ਲਿਆ। ਇਸ ਸਮਾਗਮ ਵਿਚ ਸ਼ਿਰਕਤ ਕਰ ਕੇ ਉਹ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਉਥੇ ਮੌਜੂਦ ਲੋਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।