550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਕਟੋਰੀਆ ਸਰਕਾਰ ਦਾ ਵੱਡਾ ਫ਼ੈਸਲਾ
ਮੁੱਖ ਮੰਤਰੀ ਡੈਨੀਅਲ ਐਂਡ੍ਰਿਊ ਵੱਲੋਂ 2 ਲੱਖ ਡਾਲਰ ਦਾ ਐਲਾਨ
ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਵਿਸ਼ਵ ਭਰ ਵਿਚ ਤਿਆਰੀਆਂ ਚੱਲ ਰਹੀਆਂ ਹਨ। ਇਸੇ ਸਬੰਧ ਵਿਚ ਹੁਣ ਆਸਟ੍ਰੇਲੀਆ ਵਿਚ ਵਿਕਟੋਰੀਆ ਸੂਬੇ ਦੇ ਪ੍ਰੀਮੀਅਰ ਯਾਨੀ ਮੁੱਖ ਮੰਤਰੀ ਡੈਨੀਅਲ ਐਂਡ੍ਰਿਊ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਲਈ ਦੋ ਲੱਖ ਡਾਲਰ ਯਾਨੀ ਇਕ ਕਰੋੜ ਭਾਰਤੀ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਡੈਨੀਅਨ ਐਂਡ੍ਰਿਊ ਵੱਲੋਂ ਇਹ ਐਲਾਨ ਸਥਾਨਕ ਪਾਰਲੀਮੈਂਟ ਵਿਚ ਕੀਤਾ ਗਿਆ।
ਇਹ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਡੈਨੀਅਲ ਐਂਡ੍ਰਿਊ ਨੇ ਸ੍ਰੀ ਗੁਰੂ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦੇ ਹੋਏ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਵੀ ਕੀਤੀ ਅਤੇ ਆਸਟ੍ਰੇਲੀਆ ਦੇ ਵਿਕਾਸ ਵਿਚ ਸਿੱਖਾਂ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਦਾ ਜ਼ਿਕਰ ਵੀ ਵਿਸ਼ੇਸ਼ ਤੌਰ ’ਤੇ ਕੀਤਾ।ਆਸਟ੍ਰੇਲੀਆ ਦੀ ਵਿਕਟੋਰੀਆ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਆਸਟ੍ਰੇਲੀਆ ਵਿਚ ਵਸਦੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਸਿੱਖਾਂ ਦਾ ਕਹਿਣਾ ਹੈ ਕਿ ਵਿਕਟੋਰੀਆ ਸਰਕਾਰ 550 ਸਾਲਾ ਪ੍ਰਕਾਸ਼ ਪੁਰਬ ਲਈ ਇਹ ਐਲਾਨ ਕਰਕੇ ਸਿੱਖਾਂ ਦਾ ਦਿਲ ਜਿੱਤ ਲਿਆ ਹੈ। ਦੱਸ ਦਈਏ ਕਿ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿਚ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਭਾਰਤ ਵਿਚ ਇਸ ਦਾ ਸਭ ਤੋਂ ਵੱਡਾ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਜਦਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਿਚ ਵੀ ਇਸ ਸਬੰਧੀ ਸਮਾਗਮ ਹੋ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ