ਕੋਰੋਨਾ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਵੱਡੀ ਰਾਹਤ, ਆਈਐਮਐਫ ਨੇ 1.4 ਅਰਬ ਡਾਲਰ ਦੀ ਕੀਤੀ ਮਦਦ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਨਾਲ ਜੂਝ ਰਹੇ ਪਾਕਿਸਤਾਨ ਲਈ ਰਾਹਤ ਦੀ ਖ਼ਬਰ ਹੈ।

Photo

ਇਸਲਾਮਾਬਾਦ: ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਨਾਲ ਜੂਝ ਰਹੇ ਪਾਕਿਸਤਾਨ ਲਈ ਰਾਹਤ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਕੋਵਿਡ -19 ਮਹਾਂਮਾਰੀ ਨਾਲ ਲੜਨ ਲਈ ਕੌਮਾਂਤਰੀ ਮੁਦਰਾ ਫੰਡ (ਆਈਐਮਐੱਫ) ਨੇ 1.4 ਬਿਲੀਅਨ ਡਾਲਰ ਦੀ ਮਨਜ਼ੂਰੀ ਦੇ ਦਿੱਤੀ ਹੈ।

ਵੀਰਵਾਰ ਨੂੰ ਆਈਐਮਐਫ ਨੇ ਆਪਣੇ ਬਿਆਨ ਵਿਚ ਕਿਹਾ ਕਿ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੇ ਕਾਰਜਕਾਰੀ ਬੋਰਡ ਨੇ ਰੈਪਿਡ ਫਾਇਨੇਂਸਿੰਗ ਇੰਸਟਰੂਮੈਂਟ (ਆਰਐਫਆਈ) ਦੇ ਤਹਿਤ ਪਾਕਿਸਤਾਨ ਦੀ ਕੋਵਿਡ -19 ਨਾਲ ਲੜਨ ਲਈ ਤੁਰੰਤ ਖਰੀਦ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 1.4 ਬਿਲੀਅਨ ਡਾਲਰ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਤੋਂ ਪੀੜਤ ਪਾਕਿਸਤਾਨ ਨੂੰ ਸਿਹਤ ਅਤੇ ਰਾਹਤ ਕਾਰਜਾਂ ਨੂੰ ਮਜ਼ਬੂਤ ​​ਕਰਨ ਲਈ ਮਨਜ਼ੂਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਾਡਾ ਉਦੇਸ਼ ਮਹਾਂਮਾਰੀ ਅਤੇ ਇਸ ਦੇ ਆਰਥਿਕ ਪ੍ਰਭਾਵ ਨੂੰ ਘਟਾਉਣਾ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਮਦਦ ਦੀ ਗੁਹਾਰ ਲਗਾਈ ਸੀ।

ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ 19) ਦਾ ਪ੍ਰਕੋਪ ਪਾਕਿਸਤਾਨ ਵਿਚ ਫੈਲਦਾ ਹੀ ਜਾ ਰਿਹਾ ਹੈ ਅਤੇ ਦੇਸ਼ ਵਿਚ ਕੋਰੋਨਾ ਪ੍ਰਭਾਵਤ ਲੋਕਾਂ ਦੀ ਗਿਣਤੀ ਵੀਰਵਾਰ ਨੂੰ ਸਾਢੇ ਛੇ ਹਜ਼ਾਰ ਨੂੰ ਪਾਰ ਕਰ ਗਈ ਹੈ, ਜਦਕਿ ਹੁਣ ਤਕ 124 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਮਾਮਲੇ 6146 ਸਨ ਜੋ ਵਧ ਕੇ 6505 ਹੋ ਗਏ ਹਨ।

ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ  ਕੋਰੋਨਾ ਵਾਇਰਸ ਦੇ ਕਾਰਨ ਹੁਣ ਪੂਰੀ ਦੁਨੀਆ ਵਿਚ ਹਾਹਾਕਾਰ ਮਚੀ ਹੋਈ ਹੈ। ਲੋਕ ਆਪਣੇ ਘਰਾਂ ਵਿਚ ਬੈਠਣ ਨੂੰ ਮਜ਼ਬੂਰ ਹਨ।