ਪਾਕਿਸਤਾਨ : ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਏਜੰਸੀ

ਖ਼ਬਰਾਂ, ਕੌਮਾਂਤਰੀ

6 ਮੌਤਾਂ ਅਤੇ 17 ਹੋਰ ਜ਼ਖ਼ਮੀ 

representational Image

ਪਾਕਿਸਤਾਨ ਦੇ ਦਿਯਾਮੇਰ ਜ਼ਿਲ੍ਹੇ ਦੇ ਗਿਲਗਿਤ-ਬਾਲਟਿਸਤਾਨ ਵਿਚ ਐਤਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਇਥੇ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 17 ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 

ਮੀਡੀਆ ਰਿਪੋਰਟਾਂ ਅਨੁਸਾਰ ਦੀਆਮੇਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਮੁਹੰਮਦ ਅਯਾਜ਼ ਨੇ ਦਸਿਆ ਕਿ ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਸ ਨੇ ਦੱਸਿਆ ਕਿ ਬੱਸ ਲਾਹੌਰ ਤੋਂ ਗਿਲਗਿਤ ਜਾ ਰਹੀ ਸੀ।

ਇਹ ਵੀ ਪੜ੍ਹੋ: ਕੁੱਲੂ ਦੀ ਖਰਾਹਲ ਘਾਟੀ 'ਚ ਫਟਿਆ ਬੱਦਲ, ਇਕ ਮੌਤ ਤੇ ਦੋ ਜ਼ਖ਼ਮੀ 

ਇਸ ਦੌਰਾਨ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ  ਹਾਦਸੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਵੀ ਦਿਤੇ ਹਨ। ਪ੍ਰਧਾਨ ਮੰਤਰੀ ਨੇ ਸਬੰਧਤ ਅਥਾਰਟੀਆਂ ਨੂੰ ਤੁਰਤ ਰਾਹਤ ਗਤੀਵਿਧੀਆਂ ਕਰਨ ਦੇ ਨਿਰਦੇਸ਼ ਦਿਤੇ, ਜਦਕਿ ਸੰਘੀ ਵਿਭਾਗਾਂ ਨੂੰ ਵੀ ਉਨ੍ਹਾਂ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿਤੇ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿਤੇ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ।

ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਗਿਲਗਿਤ-ਬਾਲਟਿਸਤਾਨ ਦੇ ਹੁੰਜ਼ਾ ਇਲਾਕੇ 'ਚ ਦੋ ਵੱਖ-ਵੱਖ ਹਾਦਸਿਆਂ 'ਚ 5 ਸੈਲਾਨੀਆਂ ਦੀ ਮੌਤ ਹੋ ਗਈ ਸੀ ਅਤੇ 13 ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਵਿਚੋਂ ਇਕ ਹਾਦਸਾ ਉਦੋਂ ਵਾਪਰਿਆ ਜਦੋਂ ਇਕ ਵੈਨ ਖੱਡ ਵਿਚ ਡਿੱਗ ਗਈ।