ਪੁਲਵਾਮਾ ਹਮਲਾ : ਪਾਕਿਸਤਾਨ ਨੇ ਭਾਰਤ ਤੋਂ ਅਪਣੇ ਹਾਈਕਮਿਸ਼ਨਰ ਨੂੰ ਵਾਪਸ ਬੁਲਾਇਆ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਤਣਾਅ ਵਧਣ ਦੇ ਮੱਦੇਨਜ਼ਰ ਪਾਕਿਸਤਾਨ ਨੇ ਸੋਮਵਾਰ ਨੂੰ ਭਾਰਤ ਸਥਿਤ ਆਪਣੇ ਹਾਈ ਕਮਿਸ਼ਨਰ ਨੂੰ ਸਲਾਹ ਮਸ਼ਵਰੇ ਲਈ ਵਾਪਸ ਬੁਲਾ ਲਿਆ ਹੈ......

Sohail Mahmood

ਇਸਲਾਮਾਬਾਦ  : ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਤਣਾਅ ਵਧਣ ਦੇ ਮੱਦੇਨਜ਼ਰ ਪਾਕਿਸਤਾਨ ਨੇ ਸੋਮਵਾਰ ਨੂੰ ਭਾਰਤ ਸਥਿਤ ਆਪਣੇ ਹਾਈ ਕਮਿਸ਼ਨਰ ਨੂੰ ਸਲਾਹ ਮਸ਼ਵਰੇ ਲਈ ਵਾਪਸ ਬੁਲਾ ਲਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾ ਲਿਆ ਸੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਭਾਰਤ ਸਥਿਤ ਪਾਕਿਸਤਾਨ ਦੇ ਹਾਈਕਮਿਸ਼ਨਰ ਸੋਹੇਲ ਮਹਿਮੂਦ ਸੋਮਾਵਰ ਨੂੰ ਸਵੇਰੇ ਨਵੀਂ ਦਿੱਲੀ ਤੋਂ ਰਵਾਨਾ ਹੋ ਗਏ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ ਅਸੀਂ ਭਾਰਤ ਸਥਿਤ ਆਪਣੇ ਹਾਈ ਕਮਿਸ਼ਨਰ ਨੂੰ ਸਲਾਹ ਮਸ਼ਵਰੇ ਲਈ ਵਾਪਸ ਬੁਲਾ ਲਿਆ ਹੈ।

ਉਹ ਅੱਜ ਸਵੇਰੇ ਨਵੀਂ ਦਿੱਲੀ ਤੋਂ ਰਵਾਨਾ ਹੋ ਗਏ। ਅਜੇ ਇਹ ਸਾਫ ਨਹੀਂ ਹੈ ਕਿ ਉਹ ਪਾਕਿਸਤਾਨ ਵਿਚ ਕਿੰਨੇ ਦਿਨ ਰਹਿਣਗੇ। ਨਵੀਂ ਦਿੱਲੀ ਵਿਚ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕਰਕੇ ਪੁਲਵਾਮਾ ਦੀ ਘਟਨਾ ਵਿਚ 40 ਸੀ.ਆਰ.ਪੀ.ਐਫ. ਜਵਾਨਾਂ ਦੇ ਮਾਰੇ ਜਾਣ 'ਤੇ ਸਖ਼ਤ ਵਿਰੋਧ ਜਤਾਇਆ ਸੀ।

ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਸਥਿਤ ਭਾਰਤੀ ਹਾਈਕਮਿਸ਼ਨਰ ਅਜੇ ਬਿਸਰੀਆ ਨੂੰ ਪਹਿਲਾਂ ਹੀ ਵਿਚਾਰ ਵਟਾਂਦਰੇ ਲਈ ਨਵੀਂ ਦਿੱਲੀ ਵਾਪਸ ਬੁਲਾ ਲਿਆ ਗਿਆ ਹੈ। ਭਾਰਤ ਨੇ ਵੀਰਵਾਰ ਨੂੰ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਲਈ ਪਾਕਿਸਤਾਨ ਹਮਾਇਤੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੂੰ ਜ਼ਿੰਮੇਵਾਰ ਦੱਸਿਆ ਹੈ। ਜੈਸ਼-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।   (ਪੀਟੀਆਈ)