Italy News: ਗੁਰਦੁਆਰਾ ਸਿੰਘ ਸਭਾ ਫਲੇਰੋ(ਬਰੇਸ਼ੀਆ) ਵਿਖੇ ਸ਼ਰਧਾ ਨਾਲ ਮਨਾਇਆ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ
Italy News: ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ
ItalY News: ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬਾਨ 'ਚ ਸਮਾਗਮ ਕਰਵਾਏ ਗਏ। ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਿਖੇ ਨੌਜਵਾਨ ਸਿੰਘ ਸਭਾ ਫਲੇਰੋ ਦੁਆਰਾ ਸ਼ਨੀਵਾਰ ਸ਼ਾਮ ਨੂੰ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਵੀਰਵਾਰ ਨੂੰ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਸ਼ਨੀਵਾਰ ਪਾਏ ਗਏ । ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਚੰਚਲ ਸਿੰਘ ਦੁਆਰਾ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਭਾਈ ਸ਼ਮਸ਼ੇਰ ਸਿੰਘ ਭਦਾਸ ਜੀ ਦੇ ਕਵੀਸ਼ਰੀ ਜੱਥੇ ਦੁਆਰਾ ਜੀ ਦੇ ਜੀਵਨ ਇਤਿਹਾਸ ਅਤੇ ਉਹਨਾਂ ਦੀ ਦੇਣ ਨੂੰ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨਾਲ ਸਾਂਝਾ ਕੀਤਾ। ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਪੁੱਜੇ ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੁਆਰਾ ਰਸ ਭਿੰਨੇ ਕੀਰਤਨ ਨਾਲ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੂਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਨੌਜਵਾਨ ਸਿੰਘ ਸਭਾ ਫਲੇਰੋ ਵੱਲੋਂ ਅਮਰਜੀਤ ਸਿੰਘ ਰਾਏਪੁਰ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆ ਮੁਬਾਰਕਾਂ ਦਿੰਦਿਆ ਕਿਹਾ ਕਿ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਅੱਗਲੇ ਸਾਲਾਂ ਵਿੱਚ ਹੋਰ ਵੱਡੇ ਪੱਧਰ ਤੇ ਮਨਾਇਆ ਜਾਵੇਗਾ।
ਸਮਾਗਮ ਦੀ ਸਮਾਪਤੀ ਤੇ ਸ਼ਬਦ ਚੌਂਕੀ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੱਚਖੰਡ ਲਿਜਾਏ ਗਏ ਅਤੇ ਫੁੱਲਾ ਦੀ ਵਰਖਾ ਵੀ ਕੀਤੀ ਗਈ । ਇਸ ਮੌਕੇ ਅਲੌਕਿਕ ਆਤਿਸ਼ਬਾਜੀ ਵੀ ਕੀਤੀ ਗਈ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕਾਂ ਵੱਲੋਂ ਆਏ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।