Balochistan Attack News: ਬਲੋਚਿਸਤਾਨ 'ਚ ਹਥਿਆਰਬੰਦ ਹਮਲਾਵਰਾਂ ਦਾ ਵੱਡਾ ਹਮਲਾ, ਚਾਰ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Balochistan Attack News: ਹਥਿਆਰਬੰਦ ਹਮਲਾਵਰਾਂ ਨੇ ਪੁਲਿਸ ਦੀ ਪੈਟਰੋਲਿੰਗ ਵੈਨ ਨੂੰ ਘੇਰ ਲਿਆ ਅਤੇ ਗੋਲੀਬਾਰੀ ਕੀਤੀ
ਹਥਿਆਰਬੰਦ ਹਮਲਾਵਰਾਂ ਨੇ ਬਲੋਚਿਸਤਾਨ ਦੇ ਨੌਸ਼ਕੀ ਜ਼ਿਲ੍ਹੇ 'ਚ ਪਾਕਿਸਤਾਨੀ ਸੁਰੱਖਿਆ ਬਲਾਂ 'ਤੇ ਵੱਡਾ ਹਮਲਾ ਕੀਤਾ ਹੈ। ਪਾਕਿਸਤਾਨੀ ਮੀਡੀਆ ਆਉਟਲੇਟ ਏਆਰਵਾਈ ਨਿਊਜ਼ ਨੇ ਦੱਸਿਆ ਕਿ ਹਮਲੇ ਵਿੱਚ ਘੱਟੋ-ਘੱਟ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਹਨ।
ਅਧਿਕਾਰੀਆਂ ਮੁਤਾਬਕ ਗੋਲੀਬਾਰੀ ਦੀ ਘਟਨਾ ਗਰੀਬਾਬਾਦ ਇਲਾਕੇ 'ਚ ਵਾਪਰੀ। ਹਥਿਆਰਬੰਦ ਹਮਲਾਵਰਾਂ ਨੇ ਪੁਲਿਸ ਦੀ ਪੈਟਰੋਲਿੰਗ ਵੈਨ ਨੂੰ ਘੇਰ ਲਿਆ ਅਤੇ ਗੋਲੀਬਾਰੀ ਕੀਤੀ, ਜਿਸ ਨਾਲ ਚਾਰ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ। ਹਥਿਆਰਬੰਦ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਰਿਪੋਰਟ ਮੁਤਾਬਕ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਬੁਗਤੀ ਨੇ ਹਮਲੇ ਨੂੰ ਕਾਇਰਤਾ ਭਰੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਬਲੋਚਿਸਤਾਨ ਵਿੱਚ ਸ਼ਾਂਤੀ ਅਤੇ ਵਿਕਾਸ ਪ੍ਰਕਿਰਿਆ ਨੂੰ ਭੰਗ ਕਰਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, 'ਬੇਕਸੂਰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।'