ਅਮਰੀਕਾ ਨੇ ਭਾਰਤ ਨੂੰ ਦਿੱਤਾ ਵੱਡਾ ਝਟਕਾ!  H1-B ਵੀਜ਼ਾ ਕੀਤਾ ਮੁਅੱਤਲ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ 1-ਬੀ ਵੀਜ਼ਾ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।

Donald Trump

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ 1-ਬੀ ਵੀਜ਼ਾ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਭਾਰਤ ਸਮੇਤ ਦੁਨੀਆ ਭਰ ਦੇ ਆਈਟੀ ਪੇਸ਼ੇਵਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਇਹ ਫੈਸਲਾ ਅਮਰੀਕੀ ਕਾਮਿਆਂ ਦੇ ਲਾਭ ਲਈ ਲਿਆ ਗਿਆ ਹੈ।

ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਲਈ ਜ਼ਰੂਰੀ ਸੀ ਜੋ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀਆਂ ਨੌਕਰੀਆਂ ਗਵਾ ਬੈਠੇ ਹਨ। ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਸ ਦਾ ਐਲਾਨ ਕਰਦਿਆਂ ਟਰੰਪ ਨੇ ਵੱਖ-ਵੱਖ ਕਾਰੋਬਾਰੀ ਸੰਗਠਨਾਂ, ਕਾਨੂੰਨੀ ਲੋਕਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਦਿੱਤੇ ਆਦੇਸ਼ ਦੇ ਵਧਦੇ ਵਿਰੋਧ ਨੂੰ ਨਜ਼ਰ ਅੰਦਾਜ਼ ਕੀਤਾ ਹੈ।

ਇਹ ਮੁਅੱਤਲੀ 24 ਜੂਨ ਤੋਂ ਲਾਗੂ ਹੋਵੇਗੀ। ਇਸ ਨਾਲ ਵੱਡੀ ਗਿਣਤੀ ਵਿਚ ਆਈ ਟੀ ਪੇਸ਼ੇਵਰ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ। ਹੁਣ ਉਨ੍ਹਾਂ ਨੂੰ ਸਟੈਂਪਿੰਗ ਤੋਂ ਪਹਿਲਾਂ ਘੱਟੋ ਘੱਟ ਸਾਲ ਦੇ ਅੰਤ ਤੱਕ ਇੰਤਜ਼ਾਰ ਕਰਨਾ ਪਵੇਗਾ। ਇਹ ਫੈਸਲਾ ਉਹਨਾਂ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਵੱਡੀ ਗਿਣਤੀ ਵਿਚ ਪ੍ਰਭਾਵਿਤ ਕਰੇਗਾ ਜੋ ਆਪਣੇ ਐਚ -1 ਬੀ ਵੀਜ਼ਾ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਸਨ।

ਡੋਨਾਲਡ ਟਰੰਪ ਦੇ ਇਸ ਫੈਸਲੇ ਨਾਲ ਦੁਨੀਆ ਭਰ ਵਿਚ ਅਮਰੀਕਾ ਵਿਚ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲੇ 2.4 ਲੱਖ ਲੋਕਾਂ ਨੂੰ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਇਸ ਵੀਜ਼ੇ ਨੂੰ ਇਕ ਤੈਅ ਮਿਆਦ ਲਈ ਜਾਰੀ ਕੀਤਾ ਜਾਂਦਾ ਹੈ। ਐਚ-1ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ।

ਅਮਰੀਕਾ ਵਿਚ ਕੰਮ ਕਰ ਰਹੀਆਂ ਕੰਪਨੀਆਂ ਨੂੰ ਇਹ ਵੀਜ਼ਾ ਉਨ੍ਹਾਂ ਹੁਨਰਮੰਦ ਕਰਮਚਾਰੀਆਂ ਨੂੰ ਰੱਖਣ ਲਈ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਅਮਰੀਕਾ ਵਿਚ ਕਮੀ ਹੁੰਦੀ ਹੈ। ਇਸ ਵੀਜ਼ੇ ਦੀ ਮਿਆਦ ਛੇ ਸਾਲ ਹੈ। ਅਮਰੀਕੀ ਕੰਪਨੀਆਂ ਦੀ ਮੰਗ ਕਾਰਨ, ਭਾਰਤੀ ਆਈਟੀ ਪੇਸ਼ੇਵਰ ਇਸ ਵੀਜ਼ਾ ਨੂੰ ਸਭ ਤੋਂ ਵੱਧ ਪ੍ਰਾਪਤ ਕਰਦੇ ਹਨ।