Pakistan News: ਪਾਕਿਸਤਾਨ ਭਾਰਤ ਨਾਲ ਅਰਥਪੂਰਨ ਗੱਲਬਾਤ ਲਈ ਤਿਆਰ ਹੈ: PM ਸ਼ਾਹਬਾਜ਼ ਸ਼ਰੀਫ਼
ਸ਼ਰੀਫ਼ ਨੇ ਮੰਗਲਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।
Pakistan News: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਲੰਬਿਤ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ "ਅਰਥਪੂਰਨ ਗੱਲਬਾਤ" ਲਈ ਤਿਆਰ ਹੈ।
ਸ਼ਰੀਫ਼ ਨੇ ਮੰਗਲਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਇਹ ਗੱਲਬਾਤ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਤੋਂ ਲਗਭਗ ਦੋ ਮਹੀਨੇ ਬਾਅਦ ਹੋਈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਰੇਡੀਓ ਪਾਕਿਸਤਾਨ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼ਰੀਫ਼ ਨੇ ਗੱਲਬਾਤ ਦੌਰਾਨ ਕਿਹਾ ਕਿ "ਪਾਕਿਸਤਾਨ ਜੰਮੂ-ਕਸ਼ਮੀਰ, ਪਾਣੀ, ਵਪਾਰ ਅਤੇ ਅੱਤਵਾਦ ਸਮੇਤ ਸਾਰੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਅਰਥਪੂਰਨ ਗੱਲਬਾਤ ਕਰਨ ਲਈ ਤਿਆਰ ਹੈ।"
ਇਸ ਦੌਰਾਨ, ਸ਼ਰੀਫ਼ ਅਤੇ ਸਾਊਦੀ ਨੇਤਾ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਵਿਕਾਸ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪਹਿਲਗਾਮ ਅਤਿਵਾਦੀ ਹਮਲੇ ਤੋਂ ਤੁਰੰਤ ਬਾਅਦ, ਭਾਰਤ ਨੇ 1960 ਦੇ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਅਤੇ ਪਾਕਿਸਤਾਨ ਨਾਲ ਸਾਰੀਆਂ ਵਪਾਰਕ ਗਤੀਵਿਧੀਆਂ ਨੂੰ ਰੋਕਣ ਵਰਗੇ ਕਦਮ ਚੁੱਕੇ। ਭਾਰਤ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ 7ਮਈ ਨੂੰ 'ਆਪ੍ਰੇਸ਼ਨ ਸਿੰਦੂਰ' ਵੀ ਸ਼ੁਰੂ ਕੀਤਾ, ਜਿਸ ਵਿੱਚ ਪਾਕਿਸਤਾਨੀ ਇਲਾਕਿਆਂ ਵਿੱਚ ਅਤਿਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਸ ਹਮਲੇ ਤੋਂ ਬਾਅਦ ਚਾਰ ਦਿਨਾਂ ਤੱਕ ਟਕਰਾਅ ਜਾਰੀ ਰਿਹਾ, ਜੋ ਕਿ 10 ਮਈ ਨੂੰ ਫ਼ੌਜੀ ਕਾਰਵਾਈ ਰੋਕਣ ਲਈ ਇੱਕ ਸਮਝੌਤਾ ਹੋਣ ਤੋਂ ਬਾਅਦ ਰੁਕ ਗਿਆ।