ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਪਾਨ ਦੀ ਪ੍ਰਧਾਨ ਮੰਤਰੀ ਤਾਕਾਇਚੀ ਨਾਲ ਫੋਨ ’ਤੇ ਕੀਤੀ ਗੱਲਬਾਤ
ਭਾਰਤ-ਜਾਪਾਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ’ਤੇ ਕੀਤੀ ਗਈ ਚਰਚਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। 64 ਸਾਲਾ ਤਾਕਾਇਚੀ ਸ਼ਿਗੇਰੂ ਇਸ਼ੀਬਾ ਦੀ ਜਗ੍ਹਾ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਾਕਾਇਚੀ ਨੇ ਦੋਵਾਂ ਦੇਸ਼ਾਂ ਵਿਚਕਾਰ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ’ਤੇ ਚਰਚਾ ਕੀਤੀ। ਦੋਵੇਂ ਆਗੂਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਜਾਪਾਨ ਦਰਮਿਆਨ ਗੂੜ੍ਹੇ ਹੁੰਦੇ ਸਬੰਧ ਹਿੰਦ-ਪ੍ਰਸ਼ਾਂਤ ਖੇਤਰ ਅਤੇ ਉਸ ਦੇ ਬਾਹਰ ਸ਼ਾਂਤੀ, ਸਥਿਰਤਾ ਦੇ ਲਈ ਬੇਹੱਦ ਜ਼ਰੂਰੀ ਹਨ।
ਫੋਨ ਕਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਕਿਹਾ ਕਿ ਜਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਦੇ ਨਾਲ ਗਰਮਜੋਸੀ ਨਾਲ ਗੱਲਬਾਤ ਹੋਈ। ਉਨ੍ਹਾਂ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਆਰਥਿਕ ਸੁਰੱਖਿਆ, ਰੱਖਿਆ ਸਹਿਯੋਗ ’ਤੇ ਧਿਆਨ ਕੇਂਦਰ ਕਰਦੇ ਹੋਏ ਭਾਰਤ-ਜਾਪਾਨ ਦੇ ਖਾਸ ਰਣਨੀਤਿਕ ਅਤੇ ਵਿਸ਼ਵ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਚਰਚਾ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਹਿਲਾਂ 21 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਨ ਦੀ ਨਵੀਂ ਮਹਿਲਾ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ ਜਾਪਾਨੀ ਪ੍ਰਧਾਨ ਮੰਤਰੀ ਤਾਕਾਇਚੀ ਨੇ ‘ਐਕਸ’ ’ਤੇ ਕਿਹਾ ਕਿ ‘ਮੈਂ ਜਾਪਾਨ-ਭਾਰਤ ਵਿਸ਼ੇਸ਼ ਰਣਨੀਤਿਕ ਅਤੇ ਸੰਸਾਰਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।’