Crema Italy Nagar Kirtan News: ਇਟਲੀ ਦੇ ਸ਼ਹਿਰ ਕਰੇਮਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਨਗਰ ਕੀਰਤਨ ਦੌਰਾਨ ਸਿੱਖੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਦੀ ਵਿਲੱਖਣ ਝਲਕ ਦੇਖਣ ਨੂੰ ਮਿਲੀ।
ਮਿਲਾਨ (ਦਲਜੀਤ ਮੱਕੜ) ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਕਰੇਮਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਕਰੇਮਾ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਨਗਰ ਕੀਰਤਨ ਦੌਰਾਨ ਸਿੱਖੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਦੀ ਵਿਲੱਖਣ ਝਲਕ ਦੇਖਣ ਨੂੰ ਮਿਲੀ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਸੁਚੱਜੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਏ ਗਏ ਦੀ ਆਰੰਭਤਾ ਪਾਰਕੋ ਬੋਨਾਲਦੀ ਤੋਂ ਹੋਈ।
ਇਸ ਨਗਰ ਕੀਰਤਨ ਦੌਰਾਨ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਕਰਤੱਬ ਦਿਖਾਏ ਗਏ। ਨਗਰ ਕੀਰਤਨ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਕਰੇਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ਦੀ ਵਧਾਈ ਦਿੰਦਿਆਂ ਸਮੁੱਚੀ ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ।
ਨਗਰ ਕੀਰਤਨ ਦੌਰਾਨ ਕਰੇਮਾ ਸ਼ਹਿਰ ਦੇ ਕਮੂਨੇ ਅਤੇ ਸਥਾਨਿਕ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਪਹੁੰਚੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ, ਕਰੇਮਾ ਦੇ ਪ੍ਰਸ਼ਾਸ਼ਨਿਕ ਅਧਿਕਾਰੀਆ ਦਾ ਧੰਨਵਾਦ ਕੀਤਾ।