Holi and Hola Mohalla: ਹੋਲੀ ਤੇ ਹੋਲਾ ਮਹੱਲਾ ਦਾ ਇਤਿਹਾਸ

ਏਜੰਸੀ

ਵਿਚਾਰ, ਵਿਸ਼ੇਸ਼ ਲੇਖ

ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ’ਚ ਰੰਗਿਆ ਜਾਂਦਾ ਹੈ।

History of Holi and Hola Mohalla

 

History of Holi and Hola Mohalla: ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ’ਚ ਰੰਗਿਆ ਜਾਂਦਾ ਹੈ।

ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਕ ਸਥਾਨਾਂ ਉਤੇ, ਇਕ ਮੇਲਾ ਭਰਦੈ ਜਿਸ ਨੂੰ ‘ਹੋਲਾ ਮਹੱਲਾ’ ਵੀ ਕਹਿੰਦੇ ਹਨ।

ਹਰ ਸਾਲ ਅਨੰਦਪੁਰ ਸਾਹਿਬ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇਕ ਵੱਡਾ ਇਕੱਠ ਹੁੰਦਾ ਹੈ ਜਿਸ ਨੂੰ ‘ਮਹੱਲਾ’ ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸੱਜ-ਧੱਜ ਕੇ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤਕ ਨਿਕਲਦਾ ਹੈ। ਇਸ ਮਹੱਲੇ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਤੇ ਸ਼ਸਤਰਾਂ ਦੇ ਜੌਹਰ ਵਿਖਾਉਂਦੇ ਹਨ।

ਹੋਲੇ ਮਹੱਲੇ ਦਾ ਮੁੱਢ ਹੋਲਾ ਮਹੱਲਾ ਪੁਰਬ ਦਾ ਮੁੱਢ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੇ ਕਿਲ੍ਹੇ ਵਿਚ, ਚੇਤ ਵਦੀ ਏਕਤ ਸੰਮਤ 1757 ਨੂੰ ਬੰਨਿ੍ਹਆ। ਇਤਿਹਾਸਕਾਰਾਂ ਅਤੇ ਵਿਦਵਾਨਾਂ ਅਨੁਸਾਰ ਹੋਲੀ ਨੂੰ ਇਕ ਨਵੀਂ ਉਪਮਾ ਹੋਲਾ ਮਹੱਲਾ ਦੇਣ ਦਾ ਮਨੋਰਥ ਸਿੱਖ ਨੂੰ ਅਨਿਆਂ, ਜ਼ੁਲਮ ਉੱਤੇ ਸੱਚ ਤੇ ਨਿਆਂ ਦੀ ਜਿੱਤ ਦਾ ਸੰਕਲਪ ਦ੍ਰਿੜ ਕਰਵਾਉਣਾ ਸੀ।

ਗੁਰੂ ਗੋਬਿੰਦ ਸਿੰਘ ਜੀ ਵਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ ’ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ’ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵਲੋਂ ਖ਼ਾਲਸਾਈ ਫ਼ੌਜਾਂ ਦੇ ਦੋ ਮਨਸੂਈ ਦਲਾਂ ’ਚ ਸ਼ਸਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਤ ਕੀਤਾ ਜਾਂਦਾ ਸੀ।

ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀਆਂ ਨੇ ਪ੍ਰਾਚੀਨ ਕਾਲ ਤੋਂ ਹਰ ਰੁੱਤ ਦੇ ਬਦਲਣ ’ਤੇ ਅਪਣੇ ਦਿਲੀ ਭਾਵਾਂ ਦਾ ਪ੍ਰਗਟਾਵਾ ਕਰਨ ਲਈ ਤਿਉਹਾਰ ਨੀਯਤ ਕੀਤੇ ਹੋਏ ਹਨ।

ਗੁਰੂ ਸਾਹਿਬਾਨ ਇਨ੍ਹਾਂ ਪ੍ਰੰਪਰਾਗਤ ਤਿਉਹਾਰਾਂ ’ਚ ਨਰੋਆ ਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ। ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਤ ਭਾਰਤੀ ਤਿਉਹਾਰਾਂ ਨੂੰ ਪਰਮਾਰਥ ਦੇ ਅਰਥਾਂ ਵਿਚ ਬਦਲ ਕੇ ਰੂਪਮਾਨ ਕੀਤਾ ਤਾਕਿ ਇਨ੍ਹਾਂ ਤੋਂ ਸਮਾਜ ਨੂੰ ਕੋਈ ਉਸਾਰੂ ਸੇਧ ਪ੍ਰਦਾਨ ਕੀਤੀ ਜਾ ਸਕੇ। ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਨਵ-ਸੰਕਲਪ ਵਜੋਂ ਸੀ।

ਹੋਲਾ ਮਹੱਲਾ ਮਨੁੱਖ ਦੀ ਆਜ਼ਾਦੀ, ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਹਿਮਾਂ ਭਰਮਾਂ ਨੂੰ ਖ਼ਤਮ ਕਰ ਕੇ ਇਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਗੁਰੂ ਜੀ ਨੇ ਸਮਾਜ ਵਿਚੋਂ ਊਚ-ਨੀਚ, ਭਿੰਨ-ਭੇਦ ਖ਼ਤਮ ਕਰ ਕੇ ਹੀ ਖ਼ੁਸ਼ੀ ਵਜੋਂ ਹੋਲਾ ਮਹੱਲਾ ਮਨਾਉਣਾ ਆਰੰਭਿਆ। ਜਦੋਂ ਹੋਲੇ ਮਹੱਲੇ ਦਾ ਜਲੂਸ ਕਢਿਆ ਜਾਂਦਾ ਹੈ ਤਾਂ ਉਸ ਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ’ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ, ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉਪਰ ਬਲ ਦਿਤਾ। ਯੁੱਧ-ਵਿਦਿਆ ਅਤੇ ਰਸਮਾਂ
ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸਬੰਧ ਸੂਰਮਤਾਈ ਨਾਲ ਜੋੜਿਆ।

ਮਹੱਲਾ ਇਕ ਤਰ੍ਹਾਂ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖ਼ਾਸ ਹਮਲੇ ਦੀ ਥਾਂ ’ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖ਼ਸ਼ਿਸ਼ ਕਰਦੇ ਸਨ।

ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫ਼ੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖ਼ੁਦ ਸ਼ਾਮਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ।

ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ’ਤੇ ਸਿੰਘਾਂ ਦੀਆਂ ਆਪਸ ’ਚ ਮਸਨੂਈ ਲੜਾਈਆਂ ਲੜੀਆਂ ਜਾਂਦੀਆਂ। ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ’ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ।

‘ਹੋਲਾ ਮਹੱਲਾ’ ਸਾਨੂੰ ਇਕ ਉਪਦੇਸ਼ ਦਿੰਦਾ ਹੈ ਕਿ ਜਦ ਤਕ ਇਸ ਜਗਤ ਵਿਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫ਼ਲ ਕਰੀਏ ਤਾਂ ਸਾਨੂੰ ਪਿਤਾ ਕਲਗ਼ੀਧਰ ਦਾ ਦਸਿਆ ਉਦੇਸ਼ ਚੇਤੇ ਰਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉਦਮੀ ਜੀਵਨ ਲੈ ਕੇ ਅਪਣੀ ਤਕਦੀਰ ਨੂੰ ਨਵੇਂ ਸਿਰਿਉਂ ਘੜਨਾ ਚਾਹੀਦਾ ਹੈ।

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵੀ ਕੀਤੀ ਗਈ ਹੈ। ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿਚ ਦੂਰ-ਦੂਰ ਤੋਂ ਲੋਕ ਵਹੀਰਾਂ ਘੱਤ ਕੇ ਆਉਂਦੇ ਹਨ।

ਹਜ਼ੂਰ ਸਾਹਿਬ ਨਾਂਦੇੜ ਵਿਖੇ ਵੀ ਹੋਲੇ ਮਹੱਲੇ ਦਾ ਜਲੂਸ ਨਿਕਲਦਾ ਹੈ। ਜਲੂਸ ਦੇ ਅੱਗੇ ਇਕ ਸ਼ਿੰਗਾਰਿਆ ਹੋਇਆ ਨੀਲਾ ਘੋੜਾ ਚਲਦਾ ਹੈ ਅਤੇ ਪਿੱਛੇ ਸੰਗਤ। ਫਿਰ ਕੱੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਛੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ‘ਮਹੱਲਾ’ ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਜਲੂਸ ਅਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾ ਹੋਰ ਕਿਧਰੇ ਨਹੀਂ ਨਿਕਲਦਾ।

ਹੋਲਾ ਮਹੱਲਾ ਦੀ ਤਿੱਥ ਨੂੰ ਪਾਉਂਟਾ ਸਾਹਿਬ ਗੁਰਦੁਆਰੇ ਦੇ ਬਾਹਰ ਮੇਲਾ ਲਗਦਾ ਹੈ। ਇਸ ਮੇਲੇ ਵਿਚ ਭਾਰੀ ਗਿਣਤੀ ਵਿਚ ਦੂਰ-ਦੁਹਾਡੇ ਤੋਂ ਆਏ ਲੋਕ ਸ਼ਾਮਲ ਹੁੰਦੇ ਹਨ। ਇਸ ਸਥਾਨ ਦੀ ਇਤਿਹਾਸਕ ਤੌਰ ’ਤੇ ਬਹੁਤ ਮਹੱਤਤਾ ਹੈ। ਡਾ. ਵਣਜਾਰਾ ਬੇਦੀ ਅਨੁਸਾਰ, “ਗੁਰੂ ਗੋਬਿੰਦ ਸਿੰਘ 1742 ਬਿਕਰਮੀ ਵਿਚ 52 ਕਵੀਆਂ ਨਾਲ ਇੱਥੇ ਸਾਢੇ ਚਾਰ ਸਾਲ ਰਹੇ ਸਨ। ਉਸ ਸਮੇਂ ਪਾਉਂਟਾ ਸਾਹਿਬ ਵਿਚ ਹੋਲੇ ਮੁਹੱਲੇ ਵਾਲੇ ਦਿਨ ਸੂਰਮੇ ਅਪਣੇ ਕਰਤੱਬ ਵਿਖਾਉਂਦੇ ਅਤੇ ਕਵੀ ਅਪਣੀ ਕਵਿਤਾ ਸੁਣਾਉਂਦੇ ਸਨ।
- ਖੋਜ ਕਰਤਾ, ਧੂਰਕੋਟ ਮੋਗਾ।