ਗ਼ਦਰ ਲਹਿਰ ਦਾ ਚਮਕਦਾ ਸਿਤਾਰਾ ਸ਼ਹੀਦ ਕਰਤਾਰ ਸਿੰਘ ਸਰਾਭਾ

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਵਿਸ਼ੇਸ਼ ਲੇਖ

ਭਾਰਤ ਦੀ ਆਜ਼ਾਦੀ ਸੰਗਰਾਮ ਵਿਚ ਵਿਲੱਖਣ ਭੂਮਿਕਾ ਅਦਾ ਕਰਨ ਵਾਲੀ ਗ਼ਦਰ ਪਾਰਟੀ ਦੇ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ

File Photo

ਭਾਰਤ ਦੀ ਆਜ਼ਾਦੀ ਸੰਗਰਾਮ ਵਿਚ ਵਿਲੱਖਣ ਭੂਮਿਕਾ ਅਦਾ ਕਰਨ ਵਾਲੀ ਗ਼ਦਰ ਪਾਰਟੀ ਦੇ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਇਆ। ਉਹਨਾਂ ਦੇ ਪਿਤਾ ਦਾ ਨਾਂ ਸਰਦਾਰ ਮੰਗਲ ਸਿੰਘ ਅਤੇ ਮਾਤਾ ਦਾ ਨਾਂ ਬੀਬੀ ਸਾਹਿਬ ਕੌਰ ਸੀ। ਉਹ ਛੋਟੀ ਉਮਰ ਦੇ ਸਨ ਜਦੋਂ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਉਹਨਾਂ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਉਹਨਾਂ ਦੇ ਦਾਦਾ ਬਚਨ ਸਿੰਘ ਦੇ ਮੋਢਿਆਂ ਤੇ ਆ ਪਈ। 

ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਸਿੱਖਿਆ ਸਰਾਭਾ ਪਿੰਡ ਵਿਚ ਹੀ ਪ੍ਰਾਪਤ ਕੀਤੀ। ਉਹਨਾਂ ਨੇ ਅੱਠਵੀਂ ਤਕ ਦੀ ਪੜ੍ਹਾਈ ਮਾਲਵਾ ਖਾਲਸਾ ਸਕੂਲ ਲੁਧਿਆਣੇ ਤੋਂ ਪ੍ਰਾਪਤ ਕੀਤੀ ਸੀ। ਇਸ ਤੋਂ ਪਿੱਛੋਂ ਕਰਤਾਰ ਸਿੰਘ ਅਪਣੇ ਚਾਚਾ ਵੀਰ ਸਿੰਘ ਕੋਲ ਓਡੀਸ਼ਾ, ਕਟਕ ਸ਼ਹਿਰ ਵਿਚ, ਜਿੱਥੇ ਉਹ ਡਾਕਟਰ ਸਨ, ਚਲੇ ਗਏ। ਕਰਤਾਰ ਸਿੰਘ ਸਰਾਭਾ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸਨ। ਉਹਨਾਂ ਨੇ ਅਮਰੀਕਾ ਵਿਚ ਬਰਕਲੇ ਯੂਨੀਵਰਸਿਟੀ ਤੋਂ ਰਸਾਇਣ ਵਿਗਿਆਨ ਦੀ ਪੜ੍ਹਾਈ ਕੀਤੀ ਸੀ।

ਇਸ ਸਮੇਂ ਗ਼ਦਰ ਲਹਿਰ ਦਾ ਮੁੱਢ ਬੱਝ ਰਿਹਾ ਸੀ। ਦੇਸ਼ ਵਿਚ ਭਾਰਤੀਆਂ ਨਾਲ ਹੁੰਦੇ ਵਰਤਾਰੇ ਨੂੰ ਦੇਖ ਕੇ ਉਹਨਾਂ ਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਸੁਪਨੇ ਦੇਖਣ ਲੱਗੇ। ਅਮਰੀਕਾ ਵਿਚ ਵਸਦੇ ਹਿੰਦੂਸਤਾਨੀਆਂ ਨੇ 1913 ਵਿਚ ਗ਼ਦਰ ਨਾਮ ਦੀ ਪਾਰਟੀ ਬਣਾਈ, ਜਿਸ ਦੇ ਪ੍ਰਧਾਨ ਪ੍ਰਸਿੱਧ ਦੇਸ਼ ਭਗਤ ਸੋਹਣ ਸਿੰਘ ਭਕਨਾ ਅਤੇ ਸਕੱਤਰ ਲਾਲਾ ਹਰਦਿਆਲ ਸਨ। ਕਰਤਾਰ ਸਿੰਘ ਇਸ ਪਾਰਟੀ ਵਿਚ ਬਹੁਤ ਜਲਦ ਹਰਮਨ ਪਿਆਰੇ ਬਣ ਗਏ ਸਨ। 

ਇਸ ਪਾਰਟੀ ਦਾ ਕੇਂਦਰ ਸਾਨਫਰਾਂਸਿਸਕੋ ਬਣਾਇਆ ਗਿਆ ਤੇ ਇਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਪ੍ਰਚਾਰ ਹਿੱਤ ਗ਼ਦਰ ਨਾਮ ਹੇਠ ਹਫ਼ਤਾਵਰ ਅਖ਼ਬਾਰ ਕੱਢਿਆ। ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜਨ ਲਈ ਅਮਰੀਕਾ ਅਤੇ ਕੈਨੇਡਾ ਵਿਚ ਵਸੇ ਭਾਰਤੀਆਂ ਨੂੰ ਇਕਜੁੱਟ ਕਰਨ ਦਾ ਕੰਮ ਕੀਤਾ ਸੀ। ਗ਼ਦਰ ਪਾਰਟੀ ਨੂੰ 21 ਫਰਵਰੀ 1915 ਨੂੰ ਲਾਗੂ ਕੀਤਾ ਗਿਆ ਸੀ।

ਅੰਗਰੇਜ਼ਾਂ ਨੂੰ ਪਾਰਟੀ ਦੇ ਮੈਂਬਰ ਕਿਰਪਾਲ ਸਿੰਘ ਨੇ ਸਾਰੀ ਰਿਪੋਰਟ ਭੇਜਣੀ ਸ਼ੁਰੂ ਕਰ ਦਿੱਤੀ ਸੀ ਜਿਸ ਦੇ ਚਲਦੇ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। ਭਾਰਤੀ ਫ਼ੌਜ ਨੂੰ ਨਿਹੱਥਾ ਕਰ ਦਿੱਤਾ ਗਿਆ। ਕਈ ਗ੍ਰਿਫ਼ਤਾਰ ਕਰ ਲਏ ਗਏ। ਅਖੀਰ ਕਰਤਾਰ ਸਿੰਘ ਸਰਾਭਾ ਵੀ ਸਰਗੋਧਾ ਨੇੜੇ ਚੱਕ ਨੰਬਰ 5 ਕੋਲੋਂ ਗ੍ਰਿਫ਼ਤਾਰ ਕਰ ਲਏ ਗਏ। ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ। ਸਰਾਭੇ ਵੱਲੋਂ ਅਪਣੇ ਬਚਾਅ ਲਈ ਕੋਈ ਵਕੀਲ ਨਹੀਂ ਸੀ।

ਕੋਰਟ ਕਾਰਵਾਈ ਦਿਖਾਵਾ ਹੀ ਸੀ ਜਿਸ ਦਾ ਅੰਦਾਜ਼ਾ ਇਸ ਗਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਕੇਸ ਵਿਚ ਅਦਾਲਤ ਦੇ ਫੈਸਲੇ ਵਿਰੁਧ ਕੋਈ ਵੀ ਗ਼ਦਰੀ ਅੱਗੇ ਅਪੀਲ ਨਹੀਂ ਸੀ ਕਰ ਸਕਦਾ। ਗ਼ਦਰੀਆਂ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਰਘੂਵਰ ਸਹਾਇ ਨੇ 24 ਗ਼ਦਰੀਆਂ ਨੂੰ ਫਾਂਸੀ ਦੀ ਸਜ਼ਾ ਦਾ ਮੁੱਦਾ ਵਾਇਸਰਾਇ ਕੌਂਸਲ ਕੋਲ ਉਠਾਇਆ ਤੇ ਕੌਂਸਲ ਦੇ ਮੈਂਬਰ ਸਰ ਅਲੀ ਇਮਾਮ ਨੇ ਕਾਨੂੰਨੀ ਪੈਂਤਰਿਆਂ ਦੀ ਨਜ਼ਰਸਾਨੀ ਤੋਂ ਬਾਅਦ 24 ਗ਼ਦਰੀਆਂ ਵਿਚੋਂ 17 ਗ਼ਦਰੀਆਂ ਦੀ ਫ਼ਾਂਸੀ ਦੀ ਸਜ਼ਾ ਤੋੜ ਕੇ ਸਜ਼ਾ-ਏ-ਕਾਲੇਪਾਣੀ ਕਰ ਦਿੱਤੀ।

ਸਰ ਅਲੀ ਇਮਾਮ ਨੇ ਸਰਾਭੇ ਦੀ ਫਾਂਸੀ ਵੀ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਬਹੁਤ ਜ਼ੱਦੋਜਹਿਦ ਕੀਤੀ, ਕਿਉਂਕਿ ਸਰਾਭੇ ਦੀ ਉਮਰ ਉਸ ਵੇਲੇ ਸਭ ਤੋਂ ਘੱਟ ਸੀ।ਪਰ ਵਾਇਸਰਾਇ ਨੇ ਅਪੀਲ ਖਾਰਜ਼ ਕਰ ਦਿੱਤੀ ਸੀ। ਕੋਰਟ ਦੇ ਜੱਜਾਂ ਵਲੋਂ ਸਰਾਭੇ ਬਾਰੇ ਸਭ ਤੋਂ ਵੱਧ ਸੱਤ ਪੰਨਿਆਂ ਦਾ ਫ਼ੈਸਲਾ ਲਿਖਿਆ ਗਿਆ ਸੀ ਜਿਸ ਵਿਚ ਉਸ ਨੂੰ ਸਭ ਤੋਂ ਵੱਧ ‘ਖ਼ਤਰਨਾਕ’ ਦੱਸਿਆ ਗਿਆ ਸੀ। ਫ਼ੈਸਲੇ ਵਿਚ ਅਹਿਮ ਗੱਲ ਇਹ ਲਿਖੀ ਗਈ ਸੀ...

..ਕਿ ਗ਼ਦਰ ਦੀ ਅਜਿਹੀ ਕੋਈ ਵੀ ਘਟਨਾ ਨਹੀਂ ਹੈ ਜਿਸ ਵਿਚ ਸਰਾਭਾ ਸ਼ਾਮਿਲ ਨਾ ਹੋਵੇ। 4 ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।

ਅਜੋਕੇ ਸਮੇਂ ਦੀਆਂ ਵੰਗਾਰਾਂ ਦੇ ਸਨਮੁੱਖ ਬਾਰ ਬਾਰ ਅਜੇਹੀ ਕਰਾਂਤੀਕਾਰੀ ਭਾਵਨਾ ਵਾਲੇ ਇਨਕਲਾਬੀਆਂ ਦੀ ਯਾਦ ਆਉਂਦੀ ਹੈ। ਅੱਜ ਜਿਵੇਂ ਭੁੱਖ, ਨੰਗ, ਕੰਗਾਲੀ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ, ਮੁਲਕ-ਵੇਚੂ ਨੀਤੀਆਂ ਦਾ ਹੱਲਾ, ਜਾਤ-ਪਾਤ ਫਿਰਕਾਪ੍ਰਸਤੀ, ਨਸ਼ੇ, ਅਸ਼ਲੀਲ-ਬਿਮਾਰ ਸਭਿਆਚਾਰ, ਬਹੁ ਕੌਮੀ ਕੰਪਨੀਆਂ ਦਾ ਹੱਲਾ ਵਿੱਢਿਆ ਹੋਇਆ ਹੈ ਤਾਂ ਬਾਰ ਬਾਰ ਇਹ ਸੁਆਲ ਉੱਠਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭੇ ਵਰਗਿਆਂ ਨੇ ਕੀ ਅਜੇਹੇ ਭਾਰਤ ਦੀ ਤਸਵੀਰ ਚਿਤਵੀ ਸੀ?

ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ।