ਫ਼ਤਿਹਗੜ੍ਹ ਸਾਹਿਬ, 25 ਜੁਲਾਈ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਅੱਜ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਹੱਕ, ਸੱਚ, ਮਨੁੱਖਤਾ ਅਤੇ ਧਰਮ ਲਈ ਦਿਤੀਆਂ ਸ਼ਹਾਦਤਾਂ ਦੀ ਮਿਸਾਲ ਹੈ ਜਿਸ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਮਨੁੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਰੁਕਾਵਟ ਦਸਦਿਆਂ ਕਿਹਾ ਕਿ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ਦੀ ਸਿਖਿਆ ਨੂੰ ਅਪਨਾਉਣਾ ਪਵੇਗਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਆਰੰਭਣ ਦਾ ਮਕਸਦ ਸਮਾਜ ਨੂੰ ਘੁਣ ਵਾਂਗ ਚੰਬੜੀਆਂ ਕੁਰੀਤੀਆਂ ਵਿਰੁਧ ਜਾਗਰੂਕ ਕਰ ਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਜ਼ਿੰਦਗੀ ਦੇ ਹਰ ਪਹਿਲੂ ਬਾਰੇ ਮੁਕੰਮਲ ਅਗਵਾਈ ਦਿੰਦੀ ਹੈ ਪਰ ਇਸ ਲਈ ਸਾਨੂੰ ਗੁਰਬਾਣੀ ਦੀ ਸਿਖਿਆ ਉਪਰ ਅਮਲ ਕਰਨਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸਭਿਆਚਾਰ ਦੀ ਖੁਸ਼ਬੋਈ ਨੂੰ ਸੰਸਾਰ ਭਰ ਵਿਚ ਫੈਲਾਉਣ ਲਈ ਸੰਗਤ ਨੂੰ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਬਾਰੇ ਦੱਸਦਿਆਂ ਕਿਹਾ ਕਿ ਇਸ ਤਹਿਤ ਪ੍ਰਚਾਰਕਾਂ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਵਲੋਂ ਹਰ ਪਿੰਡ ਤਕ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਆਪੋ ਆਪਣੇ ਹਲਕੇ ਅੰਦਰ ਇਸ ਲਹਿਰ ਦੀ ਕਾਮਯਾਬੀ ਲਈ ਕਾਰਜਸ਼ੀਲ ਹਨ। ਉਨ੍ਹਾਂ ਇਹ ਇਤਿਹਾਸਕ ਕਾਰਜ ਆਰੰਭਣ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਵੀ ਕੀਤਾ।