ਦਰਸ਼ਨੀ ਡਿਉਢੀ ਢਾਹੇ ਜਾਣ ਲਈ ਬਾਦਲ ਮੰਗਣ ਮੁਆਫ਼ੀ : ਸੁਖਪਾਲ ਖਹਿਰਾ
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਰਸ਼ਨੀ ਡਿਉਢੀ ਢਾਹੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ...
ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਰਸ਼ਨੀ ਡਿਉਢੀ ਢਾਹੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਕੱਲ ਬਾਦਲਾਂ ਦੇ ਅਧੀਨ ਐਸ.ਜੀ.ਪੀ.ਸੀ ਨੇ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਦਰਸ਼ਨੀ ਡਿਉਢੀ ਦੀ ਭੰਨਤੋੜ ਕੀਤੀ ਹੈ, ਮੈਂ ਉਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹਾਂ।
ਐਸ.ਜੀ.ਪੀ.ਸੀ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ, ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਬਾਦਲਾਂ ਨੂੰ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।
ਦੱਸ ਦੇਈਏ ਕਿ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉਢੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰ ਸੇਵਾ ਵਾਲਿਆਂ ਬਾਬਿਆਂ ਦੀ 'ਆਪਹੁਦਰੀ' ਕਾਰਵਾਈ ਕਰਾਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਡਿਉਢੀ ਢਾਹੁਣ ਦੀ ਕਾਰਵਾਈ ਕਿਸੇ ਗਹਿਰੀ ਸਾਜ਼ਸ਼ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਅਧਿਕਾਰੀਆਂ ਦੇ ਨੋਟਿਸ ਵਿਚ ਲਿਆਉਣ ਦੀ ਵੀ ਮੈਨੇਜਰ ਨੇ ਕੋਸ਼ਿਸ਼ ਨਹੀਂ ਕੀਤੀ, ਜਿਸ ਲਈ ਪੜਤਾਲ ਕਰਵਾਈ ਜਾ ਰਹੀ ਹੈ।