ਨੈਸ਼ਨਲ ਹਾਈਵੇ ਅਥਾਰਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਲਿਖਿਆ 'ਸੁਨਹਿਰੀ ਮੰਦਰ'
ਨੈਸ਼ਨਲ ਹਾਈਵੇ ਅਥਾਰਟੀ ਦੀ ਗ਼ਲਤੀ ਕਾਰਨ ਸਿੱਖਾਂ ਵਿਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ : ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵਲੋਂ ਗੁਰੂ ਨਗਰੀ ਦੀ ਪਹਿਚਾਣ ਸ੍ਰੀ ਦਰਬਾਰ ਸਾਹਿਬ ਨੂੰ 'ਸੁਨਹਿਰੀ ਮੰਦਰ' ਲਿਖ ਕੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਹਿਰ ਦੇ ਬਾਈਪਾਸ ਮਜੀਠਾ ਰੋਡ 'ਤੇ ਲਗਾਏ ਗਏ ਸੂਚਕ ਬੋਰਡ ਉਪਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਹਰ ਸਿੱਖ ਨੇ ਗੰਭੀਰ ਨੋਟਿਸ ਲਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਨੂੰ ਇਸ ਗ਼ਲਤੀ ਤੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਬੋਰਡ 'ਤੇ ਹਿੰਦੀ ਵਿਚ ਸਵਰਨ ਮੰਦਰ, ਅੰਗ੍ਰੇਜ਼ੀ ਵਿਚ ਗੋਲਡਨ ਟੈਂਪਲ ਦੇ ਨਾਲ ਨਾਲ ਪੰਜਾਬੀ ਵਿਚ 'ਸੁਨਹਿਰੀ ਮੰਦਰ' ਲਿਖਿਆ ਗਿਆ ਹੈ। ਇਸ ਬੋਰਡ 'ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਕ ਅਸਥਾਨ ਹੈ ਅਤੇ ਇਸ ਨੂੰ ਸੁਨਹਿਰੀ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਅਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਆਖਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਦੀ ਇਸ ਗ਼ਲਤੀ ਕਾਰਨ ਸਿੱਖਾਂ ਵਿਚ ਰੋਸ ਹੈ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸੱਭ ਨੂੰ ਇਹ ਜਾਣਕਾਰੀ ਹੈ ਕਿ ਇਹ ਪਾਵਨ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤਾਂ ਪੰਜਾਬ ਅਤੇ ਖ਼ਾਸਕਰ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜਿਥੇ ਇਹ ਪਾਵਨ ਅਸਥਾਨ ਸਥਿਤ ਹੈ ਵਿਖੇ ਇਸ ਦੇ ਨਾਮ ਨੂੰ ਵਿਗਾੜ ਕੇ ਪੇਸ਼ ਕਰਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਲਗਦਾ ਹੈ। ਡਾ. ਰੂਪ ਸਿੰਘ ਨੇ ਆਖਿਆ ਕਿ ਸਬੰਧਤ ਵਿਭਾਗ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਇਸ ਬੋਰਡ ਨੂੰ ਬਦਲਣ ਲਈ ਸ਼੍ਰੋਮਣੀ ਕਮੇਟੀ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਭਾਰਤ ਦੇ ਪ੍ਰਾਜੈਕਟਰ ਡਾਇਰੈਕਟਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਨੂੰ ਸੁਚੇਤ ਕੀਤਾ ਕਿ ਅਜਿਹੇ ਬੋਰਡ ਲਗਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਗਾਊਂ ਸੰਪਰਕ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਗ਼ਲਤੀਆਂ ਤੋਂ ਬਚਿਆ ਜਾ ਸਕੇ।