400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਆਉਣ ਤੋਂ ਪੰਥਕ ਸ਼ਖ਼ਸੀਅਤਾਂ ਨੂੰ ਰੋਕਣਾ ਮੰਦਭਾਗਾ-ਬੀਬੀ ਜਗੀਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

''ਅਸੀਂ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਇਸ ਇਤਿਹਾਸਕ ਮੌਕੇ ’ਤੇ ਬੰਦ ਨਾ ਕੀਤਾ ਜਾਵੇ''

Bibi Jagir Kaur

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਪੰਥਕ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਤੋਂ ਰੋਕਣਾ ਮੰਦਭਾਗੀ ਗੱਲ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਕੇਤਕ ਰੂਪ ਵਿਚ ਕੀਤੇ ਜਾ ਰਹੇ ਹਨ ਅਤੇ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਇਸ ਇਤਿਹਾਸਕ ਮੌਕੇ ’ਤੇ ਬੰਦ ਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਾਨੂੰ ਮਿਲੀ ਸੂਚਨਾ ਅਨੁਸਾਰ ਪ੍ਰਸ਼ਾਸਨ ਵੱਲੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਾਗਮਾਂ ਵਿਚ ਆਉਣ ਤੋਂ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਕਿ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਪੰਥਕ ਸ਼ਖ਼ਸੀਅਤਾਂ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਇਸ ਪਾਵਨ ਦਿਹਾੜੇ ਮੌਕੇ ਸਿੱਖ ਜਗਤ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਨਾ ਕਰੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਾਗਮ ਵਿਚ ਆਉਣ ਤੋਂ ਰੋਕਣਾ ਸਮਝ ਤੋਂ ਪਰ੍ਹੇ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।