ਅਕਾਲੀ ਦਲ ਦੇ ਵਫ਼ਦ ਵਲੋਂ ਮੋਦੀ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਜਸ਼ਨ 

Akali Dal delegation meet PM Modi

ਨਵੀਂ ਦਿੱਲੀ : ਗੁਰੁ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਣਗੇ ਤੇ ਇਸ ਬਾਰੇ ਹੋਣ ਵਾਲੇ ਸਮਾਗਮਾਂ ਵਿਚ ਵੀ ਸਰਕਾਰ ਪੂਰਾ ਸਹਿਯੋਗ ਦੇਵੇਗੀ।

ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ,  ਸ਼੍ਰੋਮਣੀ ਕਮੇਟੀ ਪ੍ਰਧਾਨ ਸ.ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ.ਅਵਤਾਰ ਸਿੰਘ ਹਿਤ ਤੇ ਸੀਨੀਅਰ ਅਕਾਲੀ ਸ.ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਕਾਤ ਕਰ ਕੇ, ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਦਿਹਾੜੇ ਦੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਜਿਸ ਨੂੰ ਪ੍ਰਧਾਨ ਮੰਤਰੀ ਨੇ ਪ੍ਰਵਾਨ ਕਰ ਕੇ, ਸਮਾਗਮ ਵਿਚ ਸ਼ਾਮਲ ਹੋਣ ਦੀ ਹਾਮੀ ਭਰੀ।

ਮੁਲਾਕਾਤ ਪਿਛੋਂ ਸ.ਸੁਖਬੀਰ ਸਿੰਘ ਬਾਦਲ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿਤੀ ਗਈ ਤੇ ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰਾਲੇ ਨੂੰ ਹੁਕਮ ਦੇ ਦਿਤੇ ਹਨ ਕਿ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਆਰੰਭ ਹੋ ਕੇ ਨਗਰ ਕੀਰਤਨ ਪੂਰੇ ਹਿੰਦੋਸਤਾਨ ਤੋਂ ਹੋ ਕੇ, ਅਖ਼ੀਰ ਸੁਲਤਾਨਪੁਰੀ ਲੋਧੀ ਵਿਖੇ ਪੁੱਜੇਗਾ, ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਸ਼੍ਰੋਮਣੀ ਕਮੇਟੀ ਸਮਾਗਮਾਂ ਬਾਰੇ ਪੂਰੇ ਵੇਰਵੇ ਤਿਆਰ ਕਰ ਰਹੀ ਹੈ ਜੋ ਛੇਤੀ ਹੀ ਸੰਗਤ ਲਈ ਜਾਰੀ ਕੀਤੇ ਜਾਣਗੇ। ਵਿਦੇਸ਼ਾਂ ਵਿਚ ਭਾਰਤੀ ਸਫ਼ਾਰਤਖ਼ਾਨਿਆਂ ਰਾਹੀਂ ਸਮਾਗਮ ਕਰਵਾਉਣ ਬਾਰੇ ਵੀ ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਤਾ ਹੈ।