ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਬ-ਕਮੇਟੀ ਗਠਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਰੀਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਭੇਜੀ ਜਾਵੇਗੀ

Akal Takht sahib

ਅੰਮ੍ਰਿਤਸਰ, 30 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਬਲੀਕੇਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਵਿਚ ਸਬ-ਕਮੇਟੀ ਦਾ ਗਠਨ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਸਖ਼ਤ ਸਜ਼ਾ ਜ਼ਰੂਰ ਮਿਲੇਗੀ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਵਲੋਂ ਵੀ ਇਸ ਸਬੰਧ ਵਿਚ ਸਬ-ਕਮੇਟੀ ਬਣਾ ਕੇ ਜਾਂਚ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਇਹ ਸਬ-ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਵੇਰਵਿਆਂ ਨੂੰ ਘੋਖਣ ਉਪਰੰਤ ਜੋ ਵੀ ਰੀਪੋਰਟ ਦੇਵੇਗੀ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਹ ਰੀਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਭੇਜ ਦਿਤੀ ਜਾਵੇਗੀ। ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਚੀਨ ਦੀ ਸਰਹੱਦ 'ਤੇ ਗੁਰੂ ਬਖ਼ਸ਼ੀ ਕਿਰਪਾਨ ਨਾਲ ਦੁਸ਼ਮਣ ਦਾ ਮੁਕਾਬਲਾ ਕਰਨ ਵਾਲੇ ਅੰਮ੍ਰਿਤਧਾਰੀ ਗੁਰਸਿੱਖ ਨੌਜੁਆਨ ਸ. ਗੁਰਤੇਜ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਸਿੱਖ ਨੌਜੁਆਨ ਦੀ ਜੀਵਨ ਗਾਥਾ ਪ੍ਰੇਰਣਾ ਦੇ ਤੌਰ 'ਤੇ ਵਿਦਿਆਰਥੀਆਂ ਨੂੰ ਲਾਜ਼ਮੀ ਤੌਰ 'ਤੇ ਦੱਸੀ ਜਾਵੇ।

ਇਸ ਤੋਂ ਇਲਾਵਾ ਅਗਲੇ ਸਮੇਂ ਵਿਚ ਆਉਣ ਵਾਲੀਆਂ ਸ਼ਤਾਬਦੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ਿਲਹਾਲ ਇੰਟਰਨੈੱਟ ਦੇ ਮਾਧਿਅਮ ਦੁਆਰਾ ਆਨਲਾਈਨ ਸੈਮੀਨਾਰ ਅਤੇ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਗੁਰਮਤਿ ਸਮਾਗਮ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿ. ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਜਗਸੀਰ ਸਿੰਘ ਮਾਂਗੇਆਣਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ. ਸਰਵਨ ਸਿੰਘ ਕੁਲਾਰ ਅਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ,ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ ਲਾਡਵਾ ਆਦਿ ਮੌਜੂਦ ਸਨ।