ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿਤੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਅਪਣੀਆਂ ਨੌਕਰੀਆਂ ਛੱਡਣ..............

While giving a check to the religion soldiers, Manjit Singh Bapiana and others.

ਅੰਮ੍ਰਿਤਸਰ : ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਅਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿਤੇ ਗਏ।  ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ 'ਤੇ ਪ੍ਰਦਾਨ ਕੀਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੂਨ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ ਅਪਣੀ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ 'ਤੇ ਸਹਾਇਤਾ ਦਿਤੀ ਜਾਂਦੀ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵਲੋਂ ਪੈਨਸ਼ਨ ਨਹੀਂ ਦਿਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿਤੀ ਜਾਵੇਗੀ।

ਧਰਮੀ ਫ਼ੌਜੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਸਮੇਂ-ਸਮੇਂ 'ਤੇ ਬਾਂਹ ਫੜੀ ਹੈ। ਇਸ ਮੌਕੇ ਧਰਮ ਫ਼ੌਜੀਆਂ ਵਿਚੋਂ ਸ. ਬਖਸ਼ੀਸ਼ ਸਿੰਘ ਕਾਦੀਆ ਜਨਰਲ ਸਕੱਤਰ, ਸ. ਸਰਵਣ ਸਿੰਘ, ਸ. ਹਰਭਜਨ ਸਿੰਘ, ਸ. ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਸ. ਜਗਜੋਤ ਸਿੰਘ, ਸ. ਰਣਜੀਤ ਸਿੰਘ, ਸ. ਸਵਿੰਦਰ ਸਿੰਘ, ਸ. ਹਰਨੇਕ ਸਿੰਘ, ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।