ਨਨਕਾਣਾ ਸਾਹਿਬ ਤੋਂ ਪੁੱਜੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਟਾਰੀ ਸਰਹੱਦ 'ਤੇ ਨਿੱਘਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਤਿਆਰੀਆਂ ਜਾਰੀ : ਚੰਨੀ

International Nagar Kirtan from Sri Nankana Sahib enters India through Atari border

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਪੰਜ ਤਖ਼ਤਾਂ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਪੁੱਜਣ ਉਤੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੋਂ ਭਾਰਤ ਵਿਚ ਦਾਖ਼ਲ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਉਤੇ ਰੁਮਾਲਾ ਅਤੇ ਫੁੱਲਮਲਾਵਾਂ ਭੇਟ ਕਰ ਕੇ ਸਵਾਗਤ ਕੀਤਾ, ਜਦਕਿ ਪੰਜਾਬ ਸਰਕਾਰ ਵਲੋਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ, ਸਭਿਆਚਾਰਕ, ਸੈਰ ਸਪਾਟਾ ਤੇ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਅਤੇ ਫੁੱਲ ਅਰਪਿਤ ਕਰ ਕੇ ਜੀ ਆਇਆਂ ਕਿਹਾ।

ਇਸ ਮੌਕੇ ਸੰਸਦ ਮੈਂਬਰ ਸ. ਸੁਖਬੀਰ ਸਿੰਘ ਬਾਦਲ, ਵਿਧਾਇਕ  ਸੁਨੀਲ ਦੱਤੀ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਸ. ਤਰਸੇਮ ਸਿੰਘ ਡੀ. ਸੀ., ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। 

ਓ. ਪੀ. ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਿਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਪਿਆਰ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿਤਾ ਹੈ, ਦੇ 550ਵੇਂ ਨਗਰ ਕੀਰਤਨ ਮੌਕੇ ਉਨ੍ਹਾਂ ਦੇ ਜਨਮ ਸਥਾਨ ਤੋਂ ਆਇਆ ਇਹ ਨਗਰ ਕੀਰਤਨ ਦੋਵਾਂ ਦੇਸ਼ਾਂ ਵਿਚਾਲੇ ਪਿਆਰ ਦਾ ਸੰਦੇਸ਼ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਇਸ ਮੌਕੇ ਦੋਵਾਂ ਦੇਸ਼ਾਂ ਦੀ ਸਰਹੱਦੀ ਦੂਰੀਆਂ ਖ਼ਤਮ ਹੁੰਦੀਆਂ ਪ੍ਰਤੀਤ ਹੋ ਰਹੀਆਂ ਹਨ।

ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਨਾਲ ਮਨਾਉਣ ਲਈ ਸਰਕਾਰ ਵਲੋਂ ਪਿਆਰ ਤੇ ਸ਼ਰਧਾ ਨਾਲ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਿਸ਼ਵ ਭਰ ਵਿਚੋਂ ਆਉਣ ਵਾਲੀ ਸੰਗਤ ਦੇ ਸਵਾਗਤ ਲਈ ਕੋਈ ਢਿੱਲਮਠ ਨਾ ਰਹੇ।

ਇਸ ਮੌਕੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੰਦੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਅਪਣੇ ਜੀਵਨ ਵਿਚ ਅਪਨਾਉਣ ਦੀ ਲੋੜ ਉਤੇ ਜ਼ੋਰ ਦਿਤਾ। ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਤੇ  ਫੁੱਲਾਂ ਦੀ ਵਰਖਾ ਵੀ ਕੀਤੀ ਗਈ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਵੀ ਦਿਤੀ ਗਈ।