ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਜਾਇਆ ਗਿਆ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।

Photo

ਅੰਮ੍ਰਿਤਸਰ (ਚਰਨਜੀਤ ਸਿੰਘ): ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ।

ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗਤਕੇ ਦੇ ਜੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ।

ਨਗਰ ਕੀਰਤਨ ਦੇ ਰਸਤੇ ਨੂੰ ਖ਼ੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫ਼ਰੂਟ ਨਾਲ ਸੇਵਾ ਕਰ ਕੇ ਵੀ ਅਥਾਹ ਸ਼ਰਧਾ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 2 ਜਨਵਰੀ ਨੂੰ ਸਵੇਰੇ 8:30 ਤੋਂ 12:00 ਵਜੇ ਤਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿਤੀ ਹੈ।