ਸਿਆਸੀ ਦਬਾਅ 'ਚ ਨਹੀਂ ਦਿਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅਸਤੀਫ਼ਾ: ਬਡੂੰਗਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਐਸਜੀਪੀਸੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਸਿਆਸੀ..

Badungar

ਸੰਗਰੂਰ, 29 ਜੁਲਾਈ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਐਸਜੀਪੀਸੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਸਿਆਸੀ ਦਬਾਅ ਕਾਰਨ ਨਹੀਂ, ਬਲਕਿ ਘਰੇਲੂ ਅਤੇ ਨਿਜੀ ਕੰਮਾਂ ਦੇ ਰੁਝੇਵਿਆਂ ਦੇ ਚਲਦਿਆਂ ਦਿਤਾ ਹੈ। ਬਡੂੰਗਰ ਅੱਜ ਸਥਾਨਕ ਅਕਾਲ ਡਿਗਰੀ ਵੂਮੈਨ ਕਾਲਜ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲ ਪ੍ਰਕਾਸ਼ ਉਤਸਵ ਨੂੰ ਸਮਰਪਤ ਧਾਰਮਕ ਸਮਾਰੋਹ ਵਿਚ ਸ਼ਿਰਕਤ ਕਰਨ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿਚ ਔਰਤਾਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਮਰਿਆਦਾ ਅਨੁਸਾਰ ਅਕਾਲ ਤਖ਼ਤ ਦੇ ਜਥੇਦਾਰਾਂ ਦੇ ਫ਼ੈਸਲੇ 'ਤੇ ਨਿਰਭਰ ਕਰਦਾ ਹੈ। ਉਨ੍ਹਾਂ ਦਿੱਲੀ ਸਰਕਾਰ ਵਲੋਂ ਅਨੰਦ ਕਾਰਜ ਐਕਟ ਨੂੰ ਲਾਗੂ ਕਰਨ ਤੇ ਪੁੱਛੇ ਸਵਾਲ 'ਤੇ ਕਿਹਾ ਕਿ ਉਹ ਤਾਂ ਪਹਿਲਾਂ ਹੀ ਇਸ ਐਕਟ ਨੂੰ ਲਾਗੂ ਕਰ ਚੁੱਕੇ ਹਨ। ਉਨਾਂ ਸਿਖਿਆ ਦੇ ਸੁਧਾਰ ਦੇ ਲਈ ਡਾਇਰੈਕਟੋਰੇਟ ਦੇ ਪੁਰਾਣੇ ਅਧਿਕਾਰੀਆਂ ਨੂੰ ਵਾਪਸ ਉਨ੍ਹਾਂ ਦੇ ਅਹੁਦਿਆਂ ਤੇ ਭੇਜ ਕੇ ਨਿਯਮਾਂ ਅਨੁਸਾਰ ਨਵੇਂ ਅਧਿਕਾਰੀ ਨਿਯੁਕਤ ਕਰਨ ਦੀ ਪ੍ਰਤੀਕ੍ਰਿਆ ਚਲਾਉਣ ਦੀ ਵੀ ਜਾਣਕਾਰੀ ਦਿਤੀ।
ਉਨ੍ਹਾਂ ਧਰਮੀ ਫ਼ੌਜੀਆਂ ਦੀ ਯਾਦਗਾਰ ਸਥਾਪਤ ਕਰਨ ਅਤੇ ਉਨਾਂ ਦੇ ਪਰਵਾਰਾਂ ਨੂੰ ਮਦਦ ਦਾ ਭਰੋਸਾ ਵੀ ਦਿਤਾ।