ਲੰਗਰ 'ਤੇ ਜੀਐਸਟੀ ਛੋਟ ਇਤਿਹਾਸਕ ਫ਼ੈਸਲਾ: ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਗੁਰਦੁਆਰਿਆਂ ਅਤੇ ਮੁਲਕ ਦੇ ਦੂਜੇ ਧਾਰਮਕ ਅਸਥਾਨਾਂ...
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਗੁਰਦੁਆਰਿਆਂ ਅਤੇ ਮੁਲਕ ਦੇ ਦੂਜੇ ਧਾਰਮਕ ਅਸਥਾਨਾਂ ਵਿਚ ਲੰਗਰ ਦੀ ਰਸਦ 'ਤੇ ਪ੍ਰਧਾਨ ਮੰਤਰੀ ਵਲੋਂ ਜੀਐਸਟੀ ਛੋਟ ਦੇਣ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਧਨਵਾਦ ਕੀਤਾ ਹੈ। ਇਸ ਫ਼ੈਸਲੇ ਨਾਲ ਦੁਰਗਿਆਣਾ ਮੰਦਰ ਸਮੇਤ ਹਰ ਖੇਤਰ ਦੇ ਹੋਰ ਮੰਦਰਾਂ ਅਤੇ ਧਾਰਮਿਕ ਅਸਥਾਨਾਂ ਨੂੰ ਲਾਭ ਹੋਵੇਗਾ। ਇਹ ਫ਼ੈਸਲਾ ਪੂਰੀ ਤਰ੍ਹਾਂ ਗੁਰੂ ਸਾਹਿਬਾਨ ਦੇ 'ਸਰਬਤ ਦਾ ਭਲਾ' ਆਦਰਸ਼ ਦੀ ਤਰਜਮਾਨੀ ਕਰਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਦਿਆਂ ਅਰਦਾਸ ਕੀਤੀ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਅਦਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਬੀਬੀ ਹਰਸਿਮਰਤ ਕੌਰ ਬਾਦਲ, ਐਸਜੀਪੀਸੀ ਅਤੇ ਡੀਐਸਜੀਐਮਸੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਮਨਜੀਤ ਸਿੰਘ ਜੀਕੇ ਤੋਂ ਇਲਾਵਾ ਸਰਦਾਰ ਬਿਕਰਮ ਸਿੰਘ ਮਜੀਠੀਆ, ਮਨਜਿੰਦਰ ਸਿੰਘ ਸਿਰਸਾ ਅਤੇ ਐਸਜੀਪੀਸੀ ਅਤੇ ਦਿੱਲੀ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਦੇ ਵਿੱਤ ਮੰਤੀ ਮਨਪ੍ਰੀਤ ਸਿੰਘ ਬਾਦਲ ਇਸ ਮਾਮਲੇ ਵਿਚ ਆਖ਼ਰੀ ਫੈਸਲਾ ਲੈਣ ਵਾਲੀ ਅਥਾਰਟੀ ਜੀਐਸਟੀ ਕੌਂਸਲ ਅੱਗੇ ਇਸ ਜਾਇਜ਼ ਮੰਗ ਨੂੰ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਸਨ।