ਲੌਂਗੋਵਾਲ ਵਲੋਂ ਜੀਐਸਟੀ ਹਟਾਉਣ ਦਾ ਸਵਾਗਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਦੇ ਫ਼ੈਸਲੇ ਦਾ ਸਵਾਗਤ ...
ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੰਗਰਾਂ ਤੋਂ ਜੀ.ਐਸ.ਟੀ. ਹਟਣ ਨਾਲ ਗੁਰਦੁਆਰਾ ਸਾਹਿਬਾਨ 'ਤੇ ਪੈ ਰਿਹਾ ਵਾਧੂ ਆਰਥਿਕ ਬੋਝ ਖਤਮ ਹੋਵੇਗਾ ਅਤੇ ਇਹ ਰਾਸ਼ੀ ਭਲਾਈ ਕਾਰਜਾਂ ਲਈ ਵਰਤੀ ਜਾ ਸਕੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲੰਗਰਾਂ ਤੋਂ ਜੀਐਸਟੀ ਖਤਮ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਲਗਾਤਾਰ ਪਹੁੰਚ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਨੂੰ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਨੂੰ ਲਗਾਤਾਰ ਕੇਂਦਰ ਕੋਲ ਉਠਾਇਆ ਜਾ ਰਿਹਾ ਸੀ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਸਬੰਧੀ ਗੰਭੀਰ ਯਤਨ ਕੀਤੇ ਗਏ।
ਭਾਈ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਿੱਜੀ ਯਤਨ ਕਰਦਿਆਂ ਮਾਮਲੇ ਨੂੰ ਵੱਖ-ਵੱਖ ਪਲੇਟਫਾਰਮਾਂ 'ਤੇ ਉਠਾਇਆ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਾਰੇ ਹੀ ਧਰਮਾਂ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਨੂੰ ਕੇਂਦਰ ਸਰਕਾਰ ਦਾ ਚੰਗਾ ਕਦਮ ਕਰਾਰ ਦਿੱਤਾ। ਇਸੇ ਦੌਰਾਨ ਹੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ
ਕਿ ਹੁਣ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਖਰੀਦੇ ਸਮਾਨ 'ਤੇ 3 ਕਰੋੜ 20 ਲੱਖ ਦਾ ਜੀਐਸਟੀ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਖਤਮ ਕਰਨਾ ਚੰਗੀ ਗੱਲ ਹੈ ਪਰ ਇਸਦੇ ਨਾਲ ਹੀ ਹੁਣ ਤੱਕ ਦਿੱਤਾ ਜਾ ਚੁੱਕਾ ਟੈਕਸ ਵਾਪਸ ਕਰਨ ਲਈ ਵੀ ਸਰਕਾਰ ਨੂੰ ਪਹਲਕਦਮੀ ਕਰਨੀ ਚਾਹੀਦੀ ਹੈ।