ਬੁੱਢਾ ਦਲ 96ਵੇਂ ਕਰੋੜੀ ਵਲੋਂ ਹੋਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ: ਬਾਬਾ ਬਲਬੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 19, 20 ਤੇ 21 ਮਾਰਚ ਨੂੰ ਹੋਲਾ...

Baba Balbir Singh

ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 19, 20 ਤੇ 21 ਮਾਰਚ ਨੂੰ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦਸਿਆ ਕਿ ਗੁਰੂ ਸਾਹਿਬ ਵਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ ਮਹੱਲੇ ਦਾ ਤਿਉਹਾਰ ਹਰ ਸਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ। 
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਹੋਲੇ ਮਹੱਲੇ ਦੇ ਮੌਕੇ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਪੁਜਣ ਵਾਲੀ ਸੰਗਤ ਦੇ ਰਹਿਣ ਸਹਿਣ ਤੇ ਸੁਖ ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕਰਦਿਆਂ ਪਿਛਲੇ ਸਾਲਾਂ ਵਾਂਗ ਦੁਰਘਟਨਾ ਬੀਮਾ ਯੋਜਨਾ ਦਾ ਵੀ ਅਗਾਉਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਥਾਨਕ ਦਫਤਰ ਗੁਰਦੁਆਰਾ ਮਲ ਅਖਾੜਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਵਾਰ 19 ਤੇ 20 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੁ ਕਾ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪਹਿਲੇ ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਬਾਬਾ ਬਲਬੀਰ ਸਿੰਘ ਤੇ ਬਾਕੀ ਜਥੇਦਾਰਾਂ ਨਾਲ ਗੁਰਮਤਾ ਕਰਨ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਹੋਲੇ ਮਹੱਲੇ ਦੇ ਇਸ ਪਾਵਨ ਤਿਉਹਾਰ ਤੇ ਸਿੱਖ ਪੰਥ ਵਿਚ ਵੱਖ-ਵੱਖ ਖੇਤਰਾਂ ਨਾਲ ਅਹਿਮ ਸਥਾਨ ਰਖਦੀਆਂ ਪੰਜ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਜਾਵੇਗਾ।

ਸ. ਬੇਦੀ ਨੇ ਦਸਿਆ ਕਿ 21 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁਰਾਤਨ ਸਿੱਖ ਪ੍ਰੰਪਰਾ ਅਨੁਸਾਰ ਮਹੱਲਾ ਕਢਿਆ ਜਾਵੇਗਾ ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਚਰਨ ਗੰਗਾ ਦੇ ਸਥਾਨ ਵਿਖੇ ਸੰਪੂਰਨ ਹੋਵੇਗਾ। ਇਸ ਸਥਾਨ ਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਸਿੰਘ ਘੋੜ ਸਵਾਰੀ, ਨੇਜਾਬਾਜ਼ੀ ਤੇ ਹੋਰ ਜੰਗਜੂ ਖੇਡਾਂ ਦੇ ਜੌਹਰ ਵਿਖਾਉਣਗੇ। 

Related Stories