ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫ਼ੈਸਲੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ...

Shiromani Committee During meeting

ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਜਿਥੇ ਕੇਂਦਰ ਸਰਕਾਰ ਵਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਵਾਪਸ ਕਰਨ ਦੇ ਫ਼ੈਸਲੇ ਲਈ ਸ਼ਲਾਘਾ ਦਾ ਮਤਾ ਪਾਸ ਕੀਤਾ ਗਿਆ, ਉਥੇ ਕਿਸਾਨਾਂ ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਵਿੱਢੇ ਗਏ ਦੇਸ਼ ਪਧਰੀ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ। 

ਦੂਸਰੇ ਪਾਸੇ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਵੀ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਦਾ ਸੱਦਾ ਦਿਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਸ਼ਿਲਾਂਗ ਵਿਚ ਸਥਾਨਕ ਲੋਕਾਂ ਦੀ ਹਿੰਸਕ ਭੀੜ ਵਲੋਂ ਇਕ ਸਿੱਖ ਦੇ ਘਰ 'ਤੇ ਹਮਲਾ ਕਰ ਕੇ ਅੱਗ ਲਗਾ ਦੇਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਉਥੋਂ ਦੀ ਸਰਕਾਰ ਕੋਲੋਂ ਦੋਸ਼ੀਆਂ ਵਿਰੁਧ ਤੁਰਤ ਕਾਰਵਾਈ ਦੀ ਮੰਗ ਕਰਦਿਆਂ ਅਗਲੇ ਦਿਨੀਂ ਇਕ ਵਫ਼ਦ ਸ਼ਿਲਾਂਗ ਭੇਜਣ ਦਾ ਫ਼ੈਸਲਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਦਸਿਆ ਕਿ ਸੀਬੀਐਸਈ ਵਲੋਂ ਲਈ ਗਈ ਦਸਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਅਤੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਗੁਰਸਿੱਖ ਲੜਕੀ ਤਰਨਪ੍ਰੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ 51 ਹਜ਼ਾਰ ਰੁਪਏ ਅਤੇ ਲੈਪਟਾਪ ਦੇ ਕੇ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸਿੱਖ ਰੈਫ਼ਰੈਂਸ ਲਾਇਬਰੇਰੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ

ਡਿਜੀਟਲੀਜ਼ੇਸ਼ਨ ਪ੍ਰਾਜੈਕਟ ਤਹਿਤ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖ਼ਾਲਸਾ ਦੀ ਨਿਜੀ ਲਾਇਬਰੇਰੀ ਵਿਚ ਮੌਜੂਦ ਦੁਰਲੱਭ ਅਤੇ ਬੇਸ਼ਕੀਮਤੀ ਇਤਿਹਾਸਕ ਦਸਤਾਵੇਜ਼ਾਂ ਨੂੰ ਕੰਪਿਊਟ੍ਰਾਈਜ਼ਡ ਕਰ ਕੇ ਸੰਭਾਲਿਆ ਜਾਵੇਗਾ ਜਿਸ ਨਾਲ ਇਤਿਹਾਸ ਦੇ ਖੋਜਾਰਥੀਆਂ ਨੂੰ ਸਹੂਲੀਅਤ ਮਿਲੇਗੀ। ਭਾਈ ਲੌਂਗੋਵਾਲ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਸਿੱਖ ਕੌਮ ਦੇ ਨਾਂ ਅਪੀਲ ਕਰਦਿਆਂ ਕਿਹਾ ਕਿ ਧੜੇਬੰਦੀਆਂ ਤੋਂ ਉਪਰ ਉਠ ਕੇ ਏਕਤਾ ਦਾ ਸਬੂਤ ਦਿਤਾ ਜਾਵੇ ਅਤੇ 4 ਜੂਨ ਨੂੰ ਵੱਖ-ਵੱਖ ਗੁਰਦੁਆਰਿਆਂ ਵਿਚ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣ ਅਤੇ 6 ਜੂਨ ਨੂੰ ਸ਼ਹੀਦਾਂ ਨੂੰ ਸਮਰਪਤ ਅਰਦਾਸ ਕੀਤੀ ਜਾਵੇ।