ਡਾ. ਮਨਮੋਹਨ ਸਿੰਘ ਜਾਣਗੇ ਕਰਤਾਰਪੁਰ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੈਪਟਨ ਦੇ ਸੱਦੇ ਨੂੰ ਸਵੀਕਾਰ ਕੀਤਾ

Former PM Dr. Manmohan Singh to visit Kartarpur Sahib

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨਾਲ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਕੈਪਟਨ ਨੇ ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਜੱਥੇ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕੈਪਟਨ ਦੇ ਸੱਦੇ ਨੂੰ ਡਾ. ਮਨਮੋਹਨ ਸਿੰਘ ਨੇ ਸਵੀਕਾਰ ਕਰ ਲਿਆ ਹੈ। ਅਗਲੇ ਮਹੀਨੇ ਡਾ. ਮਨਮੋਹਨ ਸਿੰਘ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਜਾਣਗੇ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਕਰਤਾਰਪੁਰ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਹਿੱਸਾ ਲੈਣ ਲਈ ਜਾਣਗੇ।

ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਹਾਲਾਂਕਿ ਇਥੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨਹੀਂ ਹੈ। ਨਾਲ ਹੀ ਸ਼ਰਧਾਲੂਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਵੀ ਕਰਵਾਉਣੀ ਪਵੇਗੀ। ਅਹਿਮ ਸ਼ਰਤ ਇਹ ਹੈ ਕਿ ਜੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਹਨ ਤਾਂ ਇਕ ਮਹੀਨੇ ਪਹਿਲਾਂ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ 4 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਸਿੱਖਾਂ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ 'ਤੇ ਬਿਤਾਏ ਸਨ ਅਤੇ ਇਸੇ ਥਾਂ 'ਤੇ ਉਹ ਜੋਤੀ ਜੋਤ ਸਮਾਏ ਸਨ।

ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਵਲੋਂ ਇਕ ਦਿਨ 'ਚ ਕਰੀਬ 5000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਪਹਿਲੇ ਸਿੱਖ ਜਥੇ ਦੇ ਰੂਪ 'ਚ ਕਰੀਬ 2100 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ ਜਿਸ ਦੀ ਨੁਮਾਇੰਦਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਜੱਥੇ 'ਚ ਸਾਰੇ ਐਮ.ਐਲ.ਏ., ਸਾਰੇ ਐਮ.ਪੀ., ਐਸ.ਜੀ.ਪੀ.ਸੀ. ਮੈਂਬਰ, ਸੰਤ ਸਮਾਜ ਦੇ ਆਗੂ, ਪੱਤਰਕਾਰ ਅਤੇ ਕੁੱਝ ਖ਼ਾਸ ਪ੍ਰਬੰਧਕ ਹੋਣਗੇ। ਇਹ ਜੱਥਾ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।