ਦਿਆਲ ਸਿੰਘ ਕਾਲਜ ਦੇ ਨਾਂ ਨਾਲ ਛੇੜਛਾੜ ਮਾਮਲਾ ਕਾਲਜ ਕਮੇਟੀ ਦੇ ਚੇਅਰਮੈਨ ਨੂੰ ਬਰਖਾਸਤ ਕਰੋ:ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਾਂਗੇ ਪੱਤਰ

Bhai Longowal

ਅੰਮ੍ਰਿਤਸਰ, 2 ਮਈ (ਇੰਦਰ ਮੋਹਣ ਸਿੰਘ 'ਅਨਜਾਣ'/ਸੁਖਵਿੰਦਰਜੀਤ ਸਿੰਘ ਬਹੋੜੂ) : ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਹੈ। ਉਨ੍ਹਾਂ ਵਾਰ-ਵਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਵਿਰੁਧ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਇਸ ਮਾਮਲੇ ਵਿਚ ਦੋਸ਼ੀ ਹਨ ਅਤੇ ਸਰਕਾਰ ਉਸ ਨੂੰ ਅਹੁਦੇ ਤੋਂ ਤੁਰਤ ਬਰਖ਼ਾਸਤ ਕਰੇ।

ਉਨ੍ਹਾਂ ਕਿਹਾ ਕਿ ਸੰਸਦ ਵਿਚ ਮਨੁਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦੇਣ ਤੋਂ ਬਾਅਦ ਵੀ ਕਾਲਜ ਦੇ ਨਾਂ ਨਾਲ ਛੇੜ-ਛਾੜ ਕਰਨੀ ਸੰਸਦ ਦੀ ਤੌਹੀਨ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਲਿਖੇ ਗਏ ਇਕ ਪੱਤਰ ਦੇ ਜਵਾਬ ਵਿਚ ਵੀ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦੀ ਗੱਲ ਆਖੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਅਤੇ ਭਾਰਤੀ ਦੇ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖੇ ਜਾਣਗੇ।