ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨਭੇਂਟ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਿੰਡ ਵਾਸੀਆਂ ਨੇ ਪਾਣੀ ਪਾ ਕੇ ਅੱਗ ਬੁਝਾਈ ਤੇ ਹੋਣ ਵਾਲੇ ਨੁਕਸਾਨ 'ਤੇ ਕਾਬੂ ਪਾ ਲਿਆ

Guru Granth Sahib - File Photo

ਬਸੀ ਪਠਾਣਾਂ : ਸਬ-ਡਵੀਜ਼ਨ ਬਸੀ ਪਠਾਣਾਂ ਦੇ ਪਿੰਡ ਹਿੰਮਤਪੁਰਾ ਵਿਖੇ ਦੇਰ ਸ਼ਾਮ ਪਿੰਡ ਦੇ ਗੁਰਦਵਾਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ 2 ਪਾਵਨ ਸਰੂਪ ਤੇ ਇਕ ਪੋਥੀ ਅਗਨਭੇਂਟ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਸ਼ਾਮ 6 ਕੁ ਵਜੇ ਆਏ ਤਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸੂਰਪਾਂ ਨੂੰ ਅੱਗ ਲੱਗੀ ਹੋਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਲ ਗੁਰਦਵਾਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁਖ ਸਿੰਘ ਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿਤੀ ਤਾਂ ਸਾਰੇ ਇਕੱਠੇ ਹੋ ਗਏ।

ਇਸ ਮੌਕੇ ਗੁਰਮੁਖ ਸਿੰਘ ਨੇ ਦਸਿਆ ਕਿ ਸਾਰੇ ਪਿੰਡ ਵਾਸੀਆਂ ਨੇ ਪਾਣੀ ਪਾ ਕੇ ਅੱਗ ਬੁਝਾਈ ਤੇ ਹੋਣ ਵਾਲੇ ਨੁਕਸਾਨ 'ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਪਿੰਡ ਹਿੰਮਤਪੁਰਾ ਪਹੁੰਚੇ ਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਦਸਿਆ ਕਿ ਸਵੇਰੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਿੰਘ ਸਾਹਿਬਾਨ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਤੇ ਪੋਥੀ ਸਾਹਿਬ ਨੂੰ ਗੁਰ ਮਰਿਆਦਾ ਮੁਤਾਬਕ ਸ੍ਰੀ ਗੋਇੰਦਵਾਲ ਸਾਹਿਬ ਲੈ ਕੇ ਜਾਣਗੇ, ਜਿਥੇ ਇਨ੍ਹਾਂ ਪਾਵਨ ਸਰੂਪਾਂ ਦਾ ਗੁਰ ਮਰਿਆਦਾ ਮੁਤਾਬਕ ਸਸਕਾਰ ਕੀਤਾ ਜਾਵੇਗਾ।

ਉਨ੍ਹਾਂ ਦਸਿਆ ਕਿ ਇਸ ਨਾਲ ਹੀ ਪਿੰਡ ਦੇ ਗੁਰਦਵਾਰਾ ਸਾਹਿਬ ਵਿਚ ਨਗਰ ਪੰਚਾਇਤ ਤੇ ਲੋਕਲ ਗੁਰਦਵਾਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਸੋਢੀ, ਦਵਿੰਦਰ ਸਿੰਘ ਮਾਜਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।