Rajasthan News: ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ
ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਲਈ ਆਖਿਆ
Harjinder Singh Dhami Gurdwara Sahib Rajasthan News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁੱਝ ਲੋਕਾਂ ਵਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਵਿਰੁਧ ਤੁਰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ।
ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬੜੇ ਹੀ ਵਹਿਸ਼ੀਆਨਾ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਸੁੱਤੇ ਸਿੰਘਾਂ ’ਤੇ ਹਮਲਾ ਕਰ ਕੇ ਸਿੰਘਾਂ ਸਮੇਤ ਛੋਟੇ ਛੋਟੇ ਬੱਚਿਆਂ ਨੂੰ ਵੀ ਗੰਭੀਰ ਜ਼ਖ਼ਮੀ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਸੱਭ ਕੁੱਝ ਪੁਲਿਸ ਦੀ ਮੌਜੂਦਗੀ ਵਿਚ ਹੋਇਆ। ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਤੁਰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਆਗਿਆ।