ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੇਸ਼ਾਂ ਵਿਦੇਸ਼ਾਂ ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਵਾਈ ਹਾਜ਼ਰੀ 

Bandi Chod diwas Celebration at Darbar Sahib

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵਲੋਂ ਅੱਜ ਬੰਦੀ ਛੋੜ ਦਿਵਸ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਭਾਰੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।

ਦੇਸ਼ਾਂ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਇਸ ਪਾਵਨ ਦਿਹਾੜੇ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖ਼ੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਦੇਰ ਸ਼ਾਮ ਨੂੰ ਹਰਿਮੰਦਰ ਸਾਹਿਬ ਵਿਖੇ ਖੂਬਸੂਰਤ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਦੱਸ ਦਈਏ ਕਿ ਦੁਨੀਆਂ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਦੀਵਾਲੀ ਵਾਲੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਬੰਦੀ ਛੋੜ ਦਿਵਸ ਤੋਂ ਭਾਵ ਹੈ ਮੁਕਤੀ ਦਾ ਦਿਵਸ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।

ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ 'ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ।  ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।