ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣਗੀਆਂ : ਕੈਬਨਿਟ ਮੰਤਰੀ ਰੰਧਾਵਾ
ਸਹਿਕਾਰਤਾ ਤੇ ਜੇਲ੍ਹ ਮੰਤਰੀ, ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ........
ਗੜ੍ਹਦੀਵਾਲਾ : ਸਹਿਕਾਰਤਾ ਤੇ ਜੇਲ੍ਹ ਮੰਤਰੀ, ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ। ਉਹ ਅਜ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਗੜ੍ਹਦੀਵਾਲਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਬਰਸੀ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ ਵੀ ਸਨ। ਕੈਬਨਿਟ ਮੰਤਰੀ ਰੰਧਾਵਾ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਰਗਾੜੀ ਕਾਂਡ ਸਬੰਧੀ ਐਸ.ਆਈ.ਟੀ. ਗਠਿਤ ਕੀਤੀ ਹੋਈ ਹੈ
ਅਤੇ ਜਿਹੜੇ ਵੀ ਦੋਸ਼ੀ ਪਾਏ ਗਏ, ਉਨ੍ਹਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ੇ 'ਤੇ ਨਕੇਲ ਕਸੀ ਗਈ ਹੈ ਅਤੇ ਐਸ.ਟੀ.ਐਫ. ਵਲੋਂ ਨਸ਼ਾ ਸਮੱਗਲਰਾਂ ਨੂੰ ਨੱਥ ਪਾ ਲਈ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ
ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕਰ ਦਿਤੀ ਗਈ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ 'ਤੇ ਸੰਤ ਬਾਬਾ ਹਰਨਾਮ ਸਿੰਘ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਮਾਨਵਤਾ ਦੀ ਸੇਵਾ ਲਈ ਬਹੁਤ ਕੁਝ ਕੀਤਾ ਗਿਆ ਹੈ। ਇਸ ਤੋ ਪਹਿਲਾ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ
ਦੀ ਸੁਚੱਜੀ ਅਗਵਾਈ ਵਿਚ ਸੰਤ ਬਾਬਾ ਹਰਨਾਮ ਸਿੰਘ ਦੀ 36ਵੀਂ ਬਰਸੀ ਸਬੰਧੀ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜੀਆ, ਤੇ ਅਕਾਲੀ ਦਲ ਪੀ.ਏ.ਸੀ.ਦੇ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ, ਆਦਿ ਸਮੇਤ ਵੱਡੀ ਗਿਣਤੀ'ਚ ਸੰਗਤਾਂ ਹਾਜ਼ਰ ਸਨ।