ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ, ਪੂਰੀ ਸ਼ਾਨੋ-ਸ਼ੌਕਤ ਨਾਲ ਅੱਜ ਹੋਵੇਗਾ ਆਰੰਭ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਹੋਲੇ-ਮਹੱਲੇ ਦੇ ਸਬੰਧ ਵਿਚ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ

Hola Mohalla

 

ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਸੁੱਖੂ): ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਜਾਹੋ ਜਲਾਲ ਨਾਲ ਆਰੰਭ ਹੋਵੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਦੀਪ ਸਿੰਘ ਕੰਗ ਨੇ ਦਸਿਆ ਕਿ ਅੱਜ ਛੇ ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰਨਗੇ ਅਤੇ ਹੋਲੇ-ਮਹੱਲੇ ਦੇ ਸਬੰਧ ਵਿਚ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ।

8 ਮਾਰਚ ਦਿਨ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੰਗਤਾਂ ਦੇ ਨਾਮ ਸੰਦੇਸ਼ ਦੇਣਗੇ । ਹੋਲੇ ਮਹੱਲੇ ਦੇ ਪਹਿਲੇ ਦਿਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਿਰਮਲ ਭੇਖ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਕਢਿਆ ਜਾਵੇਗਾ।

ਇਹ ਜਾਣਕਾਰੀ ਸੰਤ ਪ੍ਰੀਤਮ ਸਿੰਘ ਡੂਮੇਲੀ ਵਾਲਿਆਂ ਨੇ ਦਿਤੀ। ਉਨ੍ਹਾਂ ਅੱਗੇ ਦਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਡੂਮੇਲੀ ਵਾਲਿਆਂ ਦੇ ਚੱਕ ਹੋਲਗੜ੍ਹ ਰੋਡ ਤੋਂ ਆਰੰਭ ਹੋ ਕੇ ਅਗੰਮਪੁਰ ਚੌਕ, ਮੇਨ ਸੜਕ, ਬੱਸ ਸਟੈਂਡ, ਰੇਲਵੇ ਰੋਡ, ਪੰਜ ਪਿਆਰਾ ਪਾਰਕ, ਗੁਰਦਵਾਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਨਵੀਂ ਅਬਾਦੀ ਤਖ਼ਤ ਸਾਹਿਬ ਸਮਾਪਤ ਹੋਵੇਗਾ। ਸਥਾਨਕ ਪੰਜ ਪਿਆਰਾ ਪਾਰਕ ਨਵੇਂ ਸਿਰੇ ਤੋਂ ਤਿਆਰ ਹੋ ਰਿਹਾ ਹੈ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਸੈਂਕੜਿਆਂ ਦੀ ਗਿਣਤੀ ਵਿਚ ਥਾਂ-ਥਾਂ ਤੇ ਭਾਂਤ-ਭਾਂਤ ਦੇ ਗੁਰੂ ਕੇ ਲੰਗਰ ਸਮੇਤ ਜਲੇਬੀਆਂ, ਪਕੌੜਿਆਂ, ਮਠਿਆਈਆ ਆਦਿ ਦੇ ਅਟੁੱਟ ਲੰਗਰ ਚਲ ਰਹੇ ਹਨ। ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਵਧੀਆ ਰੰਗਦਾਰ ਲੜੀਆਂ, ਲਾਈਟਾਂ ਨਾਲ ਸਜਾਇਆ ਗਿਆ ਹੈ।