Panthak News: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਵਿਸ਼ੇਸ਼ ਕਾਨੂੰਨ: ਜਥੇਦਾਰ ਗੜਗੱਜ
''ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ ਤਾਂ ਦੇਸ਼ ਦੁਨੀਆਂ ਵਿਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।''
ਅੰਮ੍ਰਿਤਸਰ (ਚਰਨਜੀਤ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇਕ ਬਿਆਨ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜੁਗੋ ਜੁਗ ਅਟੱਲ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਜਦੋਂ ਵੀ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ ਤਾਂ ਦੇਸ਼ ਦੁਨੀਆਂ ਵਿਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਕਰੀਬ ਛੇ ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਟਾਵਰ ਉਤੇ ਚੜ੍ਹ ਕੇ ਸੰਘਰਸ਼ ਕਰ ਰਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ।
ਜਥੇਦਾਰ ਗੜਗੱਜ ਨੇ ਭਾਈ ਗੁਰਜੀਤ ਸਿੰਘ ਨਾਲ ਵੀਡੀਉ ਕਾਲ ਉੱਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪਣੀ ਭੁੱਖ ਹੜਤਾਲ ਛੱਡਣ, ਭੋਜਣ ਛਕਣ ਤੇ ਸੰਘਰਸ਼ ਜਾਰੀ ਰੱਖਣ ਲਈ ਕਿਹਾ ਅਤੇ ਇਹ ਭਰੋਸਾ ਦਿਤਾ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਸਿੱਖ ਜਗਤ ਉਨ੍ਹਾਂ ਨਾਲ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਸਮੇਂ-ਸਮੇਂ ਵਾਪਰਦੀਆਂ ਰਹੀਆਂ ਹਨ ਅਤੇ ਇਨ੍ਹਾਂ ਘਟਨਾਵਾਂ ਲਈ ਸਮੁੱਚਾ ਸਿੱਖ ਜਗਤ ਚਿੰਤਤ ਹੈ। ਉਨ੍ਹਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਸਾਰੀਆਂ ਸਿਆਸੀ ਪਾਰਟੀਆਂ ਹੀ ਸਿਆਸਤ ਕਰਦੀਆਂ ਰਹੀਆਂ ਹਨ, ਪਰ ਜੋ ਕੰਮ ਉਨ੍ਹਾਂ ਦੇ ਕਰਨ ਵਾਲਾ ਹੈ, ਉਹ ਨਹੀਂ ਕੀਤਾ ਗਿਆ। ਇਹ ਕਾਰਜ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਵਾਲਾ ਕਾਨੂੰਨ ਬਣਾਉਣ ਦਾ ਹੈ