ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਸਮਾਗਮ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ
ਹਰਨਾਮ ਸਿੰਘ ਖ਼ਾਲਸਾ ਨੇ ਘੱਲੂਘਾਰਾ ਦਿਵਸ 'ਤੇ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ
ਅੰਮ੍ਰਿਤਸਰ : ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ 35ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲੱਖਾਂ ਦੀ ਗਿਣਤੀ 'ਚ ਆਪ ਮੁਹਾਰੇ ਪਹੁੰਚੀਆਂ ਸੰਗਤਾਂ ਕਾਰਨ ਸ਼ਹੀਦੀ ਸਮਾਗਮ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ ਵੀ ਫਿੱਕੇ ਪੈ ਗਏ ਨਜ਼ਰ ਆਏ। ਵਿਸ਼ਾਲ ਸ਼ਹੀਦੀ ਸਮਾਗਮ ਦੀ ਇਤਿਹਾਸਕ ਸਫ਼ਲਤਾ ਨੇ ਦਮਦਮੀ ਟਕਸਾਲ ਨੂੰ ਪੰਥ ਦੇ ਕੇਂਦਰੀ ਧੁਰੇ ਵਜੋਂ ਸਥਾਪਤੀ 'ਤੇ ਮੋਹਰ ਲਗਾ ਦਿਤੀ ਹੈ।
ਅੱਜ ਦਾ ਵਿਸ਼ਾਲ ਸ਼ਹੀਦੀ ਸਮਾਗਮ ਵੈਰਾਗਮਈ ਅਤੇ ਗਰਮਜੋਸ਼ੀ ਦਾ ਸੰਗਮ ਸੀ ਜਿਥੇ ਬੁਲਾਰਿਆਂ ਨੇ ਸਿੱਖ ਕੌਮ ਨੂੰ ਦਰਪੇਸ਼ ਚੁਨੌਤੀਆਂ ਅਤੇ ਪੰਥ ਵਿਰੋਧੀਆਂ ਦੀਆਂ ਸਾਜ਼ਸ਼ਾਂ ਨੂੰ ਪਛਾੜਨ ਲਈ ਇਕਜੁਟ ਹੋਣ ਦੀਆਂ ਸੁਰਾਂ ਤੇਜ਼ ਕੀਤੀਆਂ। ਉੱਥੇ ਹੀ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਧਰਮ ਪ੍ਰਚਾਰ ਅਤੇ ਕੌਮ ਦੇ ਹਿਤਾਂ ਲਈ ਕੀਤੇ ਜਾ ਰਹੇ ਵਡਮੁੱਲੇ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕਲਗੀਧਰ ਦੇ ਇਨ੍ਹਾਂ ਸਪੁੱਤਰਾਂ ਨੇ ਦੁਨੀਆਂ ਨੂੰ ਇਹ ਵੀ ਦਸ ਦਿਤਾ ਕਿ ਸਿੱਖ ਨਾ ਕੇਵਲ ਅਠਾਰਵੀ ਸਦੀ 'ਚ ਸਗੋਂ ਵੀਹਵੀਂ ਸਦੀ ਅਤੇ ਅੱਜ ਵੀ ਜ਼ਾਲਮ ਹਕੂਮਤਾਂ ਦੇ ਜਬਰ ਦਾ ਦ੍ਰਿੜ੍ਹਤਾ ਅਤੇ ਦਲੇਰੀ ਨਾਲ ਮੂੰਹ ਤੋੜਵਾਂ ਜਵਾਬ ਦੇਣ ਦੀ ਸਮਰੱਥਾ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਵੀਹਵੀ ਸਦੀ ਦੌਰਾਨ ਵੀ ਹਕੂਮਤ ਵਲੋਂ ਸਿਖ ਕੌਮ 'ਤੇ ਅਤਿਆਚਾਰ ਕੀਤਾ ਗਿਆ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਤੀਜਾ ਘੱਲੂਘਾਰਾ ਦਿਵਸ 'ਤੇ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਪਰਦਾਵਾਂ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰਖਦਿਆਂ ਪੰਥ ਰਤਨ ਸਨਮਾਨ ਨਾਲ ਨਿਵਾਜਣ ਅਤੇ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ਬਾਬਾ ਠਾਹਰਾ ਸਿੰਘ ਤੇ ਜਰਨਲ ਸ਼ੁਬੇਗ ਸਿੰਘ ਨੂੰ ਕੌਮੀ ਸ਼ਹੀਦ ਦੇ ਸਨਮਾਨ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਕਤ ਅਪੀਲਾਂ ਦੀ ਪ੍ਰੋੜਤਾ ਕੀਤੀ ਤਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹੀਦੀਆਂ ਦਾ ਮੁਲ ਨਹੀਂ ਮੋੜਿਆ ਜਾ ਸਕਦਾ, ਜਥੇਦਾਰਾਂ ਦੀ ਅਗਲੀ ਮੀਟਿੰਗ 'ਚ ਉਕਤ ਮੁੱਦੇ ਨੂੰ ਵਿਚਾਰਦਿਆਂ ਦਮਦਮੀ ਟਕਸਾਲ ਦੇ ਮੁਖੀਆਂ ਨੂੰ ਅਤੇ ਸ਼ਹੀਦ ਸਿੰਘਾਂ ਨੂੰ ਖ਼ਿਤਾਬ ਅਤੇ ਸਨਮਾਨ ਦਿਤੇ ਜਾਣਗੇ। ਇਸ ਮੌਕੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿਤੀ ਗਈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਾਂਗਰਸ ਵਲੋਂ ਆਜ਼ਾਦੀ ਤੋਂ ਪਹਿਲਾਂ ਸਿੱਖ ਕੌਮ ਨਾਲ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਾਇਆ।
ਗਿਆਨੀ ਮਲਕੀਤ ਸਿੰਘ ਹੈੱਡ ਗੰਥੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਗਿਆਨੀ ਹਰਨਾਮ ਸਿੰਘ ਖ਼ਾਲਸਾ ਪੰਥਕ ਰਵਾਇਤਾਂ ਨੂੰ ਕਾਇਮ ਰੱਖਣ ਲਈ ਹਰ ਸਮੇਂ ਤਤਪਰ ਹਨ ਅਤੇ ਕੌਮ ਨੂੰ ਇਕਜੁਟ ਕਰ ਕੇ ਵੱਡੀ ਭੂਮਿਕਾ ਅਦਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦਸਮ ਪਤਾ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ 'ਦਮਦਮੀ ਟਕਸਾਲ' ਨੇ ਧਾਰਮਕ ਅਤੇ ਰਾਜਸੀ ਖੇਤਰ ਵਿਚ ਅਪਣੀ ਅਹਿਮ ਅਤੇ ਵਿਲੱਖਣ ਪਛਾਣ ਹੈ।
ਅਕਾਲੀ ਦਲ ਦੇ ਜਨਰਲ ਸਕਤਰ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੀ ਇੰਦਰਾ ਗਾਂਧੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਹਮਲੇ ਨਾਲ ਸਬੰਧਤ ਤਮਾਮ ਦਸਤਾਵੇਜ਼ ਤੇ ਫ਼ਾਈਲਾਂ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਪ੍ਰਤੀ ਕਾਂਗਰਸ ਪਾਰਟੀ ਦੇ ਮੱਥੇ ਲਗਾ ਕਲੰਕ ਮਿਟ ਨਹੀਂ ਸਕੇਗਾ।