ਸੁਖਬੀਰ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਸੰਗਤ ਨੂੰ ਗੁੰਮਰਾਹ ਕਰ ਰਿਹੈ: ਤਿ੍ਰਪਤ ਬਾਜਵਾ
ਕਿਹਾ - ‘ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਬਾਦਲ ਪਰਵਾਰ ਹੀ ਸਭ ਤੋਂ ਵੱਡਾ ਅੜਿੱਕਾ’
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਵਿਚ ਭੋਰਾ ਵੀ ਸਚਾਈ ਨਹੀਂ ਹੈ ਕਿ ਜਨਵਰੀ 2017 ਵਿਚ ਪਟਨਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ ਸੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੇ ਪਰਿਵਾਰ ਦੀ ਚੌਧਰ ਕਾਇਮ ਕਰਨ ਦੀ ਲਾਲਸਾ ਵਿਚ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰਨ।
ਬਾਜਵਾ ਨੇ ਇਕ ਬਿਆਨ 'ਚ ਕਿਹਾ ਕਿ ਪਟਨਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ ਮੁੱਖ ਸਮਾਗਮ ਉਥੋਂ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਿਚ ਬਿਹਾਰ ਸਰਕਾਰ ਵਲੋਂ ਮਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਤਤਕਾਲੀ ਰਾਜਪਾਲ ਰਾਮਨਾਥ ਕੋਬਿੰਦ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੰਗਤ ਨੂੰ ਸੰਬੋਧਨ ਕੀਤਾ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮਹਿਜ ਸੰਗਤਾਂ ਦਾ ਧੰਨਵਾਦ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮੁੱਖ ਸਮਾਗਮ ਦਾ ਸੰਚਾਲਨ ਬਿਹਾਰ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਸ ਸਮੇਂ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਸੌਂਪਿਆ ਗਿਆ ਸੀ।
ਪੰਚਾਇਤ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਸ ਸਬੰਧੀ ਸਭ ਕੁਝ ਚੰਗੀ ਤਰਾਂ ਮਾਲੂਮ ਹੈ ਕਿਉਂਕਿ ਉਹ ਉਸ ਸਮੇਂ ਸਟੇਜ਼ ਦੇ ਸਾਹਮਣੇ ਆਪਣੀ ਪਤਨੀ ਅਤੇ ਉਸ ਸਮੇਂ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸੰਗਤ ਵਿਚ ਬੈਠੇ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਸ ਧਾਰਮਿਕ ਅਤੇ ਬਹੁਤ ਹੀ ਨਾਜ਼ੁਕ ਮਾਮਲੇ ਬਾਰੇ ਇਸ ਕਰ ਕੇ ਝੂਠ ਬੋਲ ਰਹੇ ਹਨ ਤਾਂ ਕਿ ਅਗਲੇ ਮਹੀਨੇ ਮਨਾਏ ਜਾ ਰਹੇ ਬਾਬ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਇਤਿਹਾਸਕ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਰਾਹੀਂ ਆਪਣੇ ਪਰਿਵਾਰ ਦੀ ਚੌਧਰ ਕਾਇਮ ਕਰ ਸਕਣ। ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਚੇਤੇ ਹੋਣਾ ਚਾਹੀਦਾ ਹੈ ਕਿ 1999 ਵਿਚ ਮਨਾਈ ਗਈ ਖਾਲਸਾ ਪੰਥ ਦੀ ਤੀਜੀ ਸ਼ਤਾਬਦੀ ਵੀ ਪੰਜਾਬ ਸਰਕਾਰ ਨੇ ਹੀ ਮਨਾਈ ਸੀ ਅਤੇ 2007 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 300ਵਾਂ ਗੁਰਗੱਦੀ ਦਿਵਸ ਨਾਦੇੜ ਸਾਹਿਬ ਵਿਖੇ ਮਹਾਰਾਸ਼ਟਰ ਸਰਕਾਰ ਵਲੋਂ ਮਨਾਇਆ ਗਿਆ ਸੀ।
ਪੰਚਾਇਤ ਮੰਤਰੀ ਨੇ ਕਿਹਾ ਕਿ 1999 ਵਿਚ ਤੀਜੀ ਖਾਲਸਾ ਜਨਮ ਸ਼ਤਾਬਦੀ ਦੇ ਸਮਾਗਮਾਂ ਵਿਚ ਆਪਣੀ ਚੌਧਰ ਸਥਾਪਤ ਕਰਨ ਲਈ ਹੀ ਬਾਦਲ ਪਰਿਵਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਕੇ ਪਹਿਲਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਅਹੁਦੇ ਤੋਂ ਲਾਹਿਆ ਅਤੇ ਫਿਰ ਭਾਈ ਰਣਜੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕੀਤਾ। ਉਹਨਾਂ ਸੁਖਬੀਰ ਬਾਦਲ ਨੂੰ ਯਾਦ ਕਰਵਾਇਆ ਕਿ ਸਿੱਖ ਪੰਥ ਦੇ ਸਿਧਾਂਤਾਂ, ਪ੍ਰੰਪਰਾਵਾਂ ਅਤੇ ਰਿਵਾਇਤਾਂ ਦੀ ਘੋਰ ਉਲੰਘਣਾ ਕਰਨ ਕਾਰਨ ਹੀ ਉਹਨਾਂ ਨੂੰ ਇਸ ਸਮਾਗਮ ਤੋਂ ਕੁਝ ਮਹੀਨੇ ਬਾਅਦ ਹੋਈ ਲੋਕ ਸਭਾ ਚੋਣ ਵਿਚ ਸ਼ਰਮਨਾਕ ਹਾਰ ਦਾ ਮੂੰਹ ਵੇਖਣਾ ਪਿਆ ਸੀ। ਇਸ ਚੋਣ ਵਿਚ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਨੂੰ ਛੱਡ ਕੇ ਸਾਰੇ ਉਮੀਦਵਾਰ ਹਾਰ ਗਏ ਸਨ।
ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਦਾ ਇਹ ਇਤਿਹਾਸਕ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਵਿਚ ਸਭ ਤੋਂ ਵੱਡਾ ਅੜਿੱਕਾ ਬਾਦਲ ਪਰਿਵਾਰ ਹੀ ਹੈ ਜਿਹੜਾ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਬੜੀ ਬੇਕਿਰਕੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮਾਲੀ ਅਤੇ ਮਨੁੱਖੀ ਸਾਧਨ ਵਰਤ ਰਿਹਾ ਹੈ।