ਹਵਾਈ ਅੱਡਿਆਂ ’ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ

Advocate Dhami took notice of preventing Sikh employees from wearing Kirpan at airports

ਅੰਮ੍ਰਿਤਸਰ, 6 ਨਵੰਬਰ-(ਸੁਖਵਿੰਦਰਜੀਤ ਸਿੰਘ ਬਹੋੜ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ।

ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।