ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ, ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

19 ਨਵੰਬਰ ਨੂੰ ਚੱਲਣ ਵਾਲੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ

Sri Guru Tegh Bahadur Ji 350th Martyrdom Anniversary News

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ।

ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਹ ਨਗਰ ਕੀਰਤਨ ਕੁੱਲ 544 ਕਿਲੋਮੀਟਰ ਦੀ ਵਾਟ ਤੈਅ ਕਰੇਗਾ।

ਮਾਝਾ-ਦੁਆਬਾ ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋਵੇਗਾ ਅਤੇ ਬਟਾਲਾ, ਬਾਬ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਬੰਗਾ ਤੇ ਬਲਾਚੌਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ 21 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 345 ਕਿਲੋਮੀਟਰ ਦਾ ਫ਼ਾਸਲਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।

ਮਾਲਵਾ 1 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ ਅਤੇ ਫਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ, ਸਰਹਿੰਦ, ਫਤਹਿਗੜ੍ਹ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਲੁਧਿਆਣਾ ਵਿਖੇ ਅਤੇ 21 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 320 ਕਿਲੋਮੀਟਰ ਦੀ ਦੂਰੀ ਤੈਅ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਸੌਂਦ ਨੇ ਅੱਗੇ ਦੱਸਿਆ ਕਿ ਮਾਲਵਾ-2 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗਾ ਅਤੇ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਮੋਹਾਲੀ, ਕੁਰਾਲੀ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।

20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸੰਗਰੂਰ ਵਿਖੇ ਅਤੇ 21 ਨਵੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਇਹ ਨਗਰ ਕੀਰਤਨ ਕੁੱਲ 354 ਕਿਲੋਮੀਟਰ ਦਾ ਫ਼ਾਸਲਾ ਤੈਅ ਕਰੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਦੁਨੀਆਂ ਭਰ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪ੍ਰਤੀ ਆਪਣੀ ਸ਼ਰਧਾ-ਸਤਿਕਾਰ ਭੇਟ ਕਰਨ। ਉਨ੍ਹਾਂ ਬਾਕੀ ਸਮਾਗਮਾਂ ਵਿੱਚ ਵੀ ਸਾਰੀ ਸੰਗਤ ਨੂੰ ਹੁੰਮ ਹੁੰਮਾ ਕੇ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ।