ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲੇ, ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਹੁਕਮ ਦਿੱਤੇ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕੀਤੀਆਂ ਜਾਣ।

Sri Akal Takht Sahib Jathedar

 

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਇਸ ਦੌਰਾਨ ਬੋਰਡ ਦੇ 10 ਵਿਚੋਂ 7 ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਖ-ਵੱਖ ਸਜ਼ਾਵਾਂ ਦਿੱਤੀਆਂ ਹਨ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ।

ਇਸ ਤੋਂ ਇਲਾਵਾ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਧਾਰਮਿਕ ਸਜ਼ਾ ਦਿੱਤੀ ਗਈ ਹੈ। ਉਹ 5 ਦਿਨਾਂ ਲਈ 1 ਘੰਟੇ ਲਈ ਜੋੜਿਆਂ ਨੂੰ ਸਾਫ਼ ਕਰਨਗੇ। ਇਕ ਘੰਟਾ ਕੀਰਤਨ ਸਰਵਣ ਕਰਨਗੇ। 1 ਘੰਟਾ ਬਰਤਨ ਸਾਫ਼ ਕਰਨਗੇ ਅਤੇ ਰੋਜ਼ਾਨਾ 5 ਜਪੁਜੀ ਸਾਹਿਬ ਦੇ ਪਾਠ ਕਰਨਗੇ। ਸੇਵਾ ਉਪਰੰਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 501 ਰੁਪਏ ਦੀ ਅਰਦਾਸ ਕੀਤੀ ਜਾਵੇਗੀ।

ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਪੁਰਬ ਨੇੜੇ ਆ ਰਿਹਾ ਹੈ। ਉਹਨਾਂ ਕਿਹਾ ਕਿ ਗੁਰਪੁਰਬ ਤੋਂ ਪਹਿਲਾਂ ਬਣੀ ਕਮੇਟੀ ਕਾਰਜਸ਼ੀਲ ਰਹੇਗੀ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਨੂੰਨ ਅਨੁਸਾਰ 15 ਜਨਵਰੀ ਤੋਂ ਪਹਿਲਾਂ ਨਵੀਆਂ ਚੋਣਾਂ ਕਰਵਾਈਆਂ ਜਾਣ। ਮਹਿੰਦਰ ਸਿੰਘ ਵੱਲੋਂ ਬਣਾਈ ਗਈ ਗੈਰ-ਕਾਨੂੰਨੀ ਕਮੇਟੀ ਦੀ ਸਮੀਖਿਆ ਕੀਤੀ ਜਾਵੇ ਅਤੇ ਕੀਤੇ ਗੈਰ-ਕਾਨੂੰਨੀ ਕੰਮਾਂ ਨੂੰ ਤੁਰੰਤ ਰੱਦ ਕੀਤਾ ਜਾਵੇ।

ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਹੁਕਮ ਦਿੱਤੇ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕੀਤੀਆਂ ਜਾਣ। ਉਸ ਖ਼ਿਲਾਫ਼ ਆਈਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਕਮੇਟੀ ਜਲਦੀ ਤੋਂ ਜਲਦੀ ਰਿਪੋਰਟ ਦੇਵੇ। ਇਸ ਦੌਰਾਨ ਉਹਨਾਂ ਕਿਹਾ ਕਿ ਉਹਨਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁਲਾਜ਼ਮ ਨਸ਼ੇ ਅਤੇ ਤੰਬਾਕੂ ਦਾ ਸੇਵਨ ਕਰ ਰਹੇ ਹਨ ਜਿਸ ਨੂੰ ਖ਼ਾਲਸਾ ਪੰਥ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਇਸ ਮਾਮਲੇ ਵਿਚ ਸਖ਼ਤੀ ਕਰਦਿਆਂ ਪ੍ਰਬੰਧਕੀ ਕਮੇਟੀ ਨੂੰ ਹੁਕਮ ਦਿੱਤੇ ਕਿ ਸਾਰੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਇਆ ਜਾਵੇ। ਜੇਕਰ ਕੋਈ ਵਿਅਕਤੀ ਨਸ਼ਾ ਜਾਂ ਤੰਬਾਕੂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।