ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਮੱਥਾ ਟੇਕਿਆ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦਵਾਰਾ ਬਾਬਾ ਅਟੱਲ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ

Lakhs of devotees pay obeisance at Sri Darbar Sahib on the occasion of the birth anniversary of Sri Guru Gobind Singh Ji

 

Amritsar News: ਸ੍ਰੀ ਦਰਬਾਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।

ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਜਿਸ ਦੇ ਦਰਸ਼ਨ ਕਰ ਕੇ ਸੰਗਤ ਨੇ ਅਨੰਦ ਮਾਣਿਆ। ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿਤੀ। ਗੁਰਦਵਾਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਰਾਜਬੀਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ ਆਦਿ ਸਮੇਤ ਸੰਗਤਾਂ ਮੌਜੂਦ ਸਨ।