ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਘੱਟ ਗਿਣਤੀ ਕਮਿਸ਼ਨ ਨੂੰ ਲਿਖਿਆ ਪੱਤਰ
ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ
ਅੰਮਿ੍ਤਸਰਕਿ੍ਸ਼ਨ ਸਿੰਘ ਦੁਸਾਂਝ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਵਲੋਂ ਦਿਤੇ ਬਿਆਨ ਦਾ ਨੋਟਿਸ ਲੈਂਦਿਆਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਹੈ |
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਸਬੰਧੀ ਲੰਮੇ ਸਮੇਂ ਤੋਂ ਕੇਸ ਸਿੱਕਮ ਹਾੲ ਕੋਰਟ ਵਿਚ ਵਿਚਾਰ ਅਧੀਨ ਹੈ | ਅਦਾਲਤ ਨੇ ਇਸ ਕੇਸ ਦਾ ਫ਼ੈਸਲਾ ਸੁਰੱਖਿਅਤ ਰਖਿਆ ਹੋਇਆ ਹੈ | ਅਜਿਹੇ ਸਮੇਂ 'ਤੇ ਸਿੱਕਮ ਦੇ ਮੁੱਖ ਮੰਤਰੀ ਵਲੋਂ ਇਕ ਵਿਸ਼ੇਸ਼ ਭਾਈਚਾਰੇ ਦੇ ਹੱਕ ਵਿਚ ਬੋਲਣਾ ਕੇਸ ਨੂੰ ਪ੍ਰਭਾਵਤ ਕਰਨ ਵਾਲਾ ਹੈ | ਪੱਤਰ ਵਿਚ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਦਾ ਇਹ ਬਿਆਨ ਸਥਾਨਕ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਵਿਰੁਧ ਭੜਕਾਉਣ ਵਾਲਾ ਹੈ |
ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਕਿਸੇ ਵੀ ਹਾਲਤ ਵਿਚ ਗੁਰਦੁਆਰਾ ਸਾਹਿਬ ਨੂੰ ਮੁੜ ਸਥਾਪਤ ਨਹੀਂ ਹੋਣ ਦਿਤਾ ਜਾਵੇਗਾ, ਅਦਾਲਤੀ ਪ੍ਰਕਿਰਿਆ ਦੀ ਵੱਡੀ ਉਲੰਘਣਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ | ਭਾਈ ਗਰੇਵਾਲ ਨੇ ਪੱਤਰ ਵਿਚ ਲਿਖਿਆ ਕਿ ਮੁੱਖ ਮੰਤਰੀ ਦਾ ਸਾਹਮਣੇ ਆਇਆ ਵੀਡੀਉ ਬਿਆਨ ਸੰਕੇਤ ਦਿੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਕੇਸ ਨੂੰ ਸਿੱਖ ਭਾਈਚਾਰੇ ਦੇ ਵਿਰੁਧ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਹਾਲਾਂਕਿ ਇਕ ਰਾਜ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਤਮਾਂਗ ਨੂੰ ਸਾਰੇ ਭਾਈਚਾਰਿਆਂ ਨਾਲ ਬਰਾਬਰ ਦਾ ਵਿਵਹਾਰ ਕਰਦੇ ਹੋਏ ਇਨਸਾਫ਼ ਕਰਨਾ ਚਾਹੀਦਾ ਹੈ |
ਪੱਤਰ ਵਿਚ ਇਹ ਵੀ ਜ਼ਿਕਰ ਕੀਤਾ ਗਿਆ ਕਿ 27 ਅਪ੍ਰੈਲ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਭਾਰਤ ਸਰਕਾਰ, ਘੱਟ ਗਿਣਤੀ ਰਾਸ਼ਟਰੀ ਕਮਿਸ਼ਨ ਅਤੇ ਸਿੱਕਮ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਅਦਾਲਤ ਤੋਂ ਬਾਹਰ ਸਮਝੌਤਾ ਕਰ ਕੇ ਸੁਲਝਾਉਣ ਦੇ ਯਤਨ ਕਰਨੇ ਚਾਹੀਦੇ ਹਨ | ਘੱਟ ਗਿਣਤੀ ਕਮਿਸ਼ਨ ਪਾਸੋਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਦੇ ਬਿਆਨ ਦਾ ਨੋਟਿਸ ਲੈਂਦਿਆਂ ਭਵਿੱਖ ਵਿਚ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ |