ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥਾ ਪਾਕਿਸਤਾਨ ਨਾ ਭੇਜਣਾ ਪੰਥ ਵਿਰੋਧੀ ਫ਼ੈਸਲਾ : ਮਾਝੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਿੱਖ ਕੌਮ ਦਾ ਵੱਡਾ ਹਿੱਸਾ ਮੂਲ ਨਾਨਕਸ਼ਾਹੀ ਕੈਲੰਡਰ ਅਪਣਾਅ ਚੁਕਿਆ ਹੈ ਤੇ ਗੁਰੂ ਅਰਜਨ ਸਾਹਿਬ  ਦਾ ਸ਼ਹੀਦੀ ਦਿਵਸ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ...

Harjinder Singh Manjhi

ਕੋਟਕਪੂਰਾ, ਸਿੱਖ ਕੌਮ ਦਾ ਵੱਡਾ ਹਿੱਸਾ ਮੂਲ ਨਾਨਕਸ਼ਾਹੀ ਕੈਲੰਡਰ ਅਪਣਾਅ ਚੁਕਿਆ ਹੈ ਤੇ ਗੁਰੂ ਅਰਜਨ ਸਾਹਿਬ  ਦਾ ਸ਼ਹੀਦੀ ਦਿਵਸ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਪਰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਦੇ ਸਮੱਰਥ ਨਹੀਂ ਹਨ ਜਿਸ ਕਾਰਨ ਕੌਮ 'ਚ ਇਤਿਹਾਸਿਕ ਦਿਹਾੜਿਆਂ ਸਬੰਧੀ ਹਮੇਸ਼ਾ ਭੰਬਲਭੂਸਾ ਪੈਦਾ ਕਰਨ ਵਾਲੀ ਭੂਮਿਕਾ ਨਿਭਾਉਂਦੇ ਰਹੇ ਹਨ। 

ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਇਹ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਲੰਮੇਂ ਸਮੇਂ ਤੋਂ ਮੂਲ ਨਾਨਕਸ਼ਾਹੀ ਕੈਲੰਡਰ 'ਤੇ ਡੱਟ ਕੇ ਪਹਿਰਾ ਦੇਣਾ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸ਼੍ਰੋ. ਕਮੇਟੀ ਅਧੀਨ ਇਤਿਹਾਸਕ ਗੁਰਧਾਮਾਂ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦੀ ਥਾਂ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦਵਾਰਿਆਂ 'ਚ ਵੀ ਮਿਲਗੋਭਾ ਕੈਲੰਡਰ ਕਿਉਂ ਲਾਗੂ ਕਰਨਾ ਚਾਹੁੰਦੇ ਹਨ?

ਭਾਈ ਮਾਝੀ ਨੇ ਕਿਹਾ ਕਿ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕੈਲੰਡਰ ਦਾ ਬਹਾਨਾ ਬਣਾ ਕੇ ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਦਾ ਜਥਾ ਗੁਰਦਵਾਰਾ ਡੇਹਰਾ ਸਾਹਿਬ ਲਾਹੌਰ ਵਿਖੇ ਨਾ ਭੇਜਣਾ ਅਤਿ ਨਿੰਦਣਯੋਗ ਅਤੇ ਪੰਥ ਵਿਰੋਧੀ ਫ਼ੈਸਲਾ ਹੈ ਜਿਸ ਦਾ ਜਾਗਦੇ ਸਿਰਾਂ ਵਾਲੇ ਸਿੱਖਾਂ ਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਰਐਸਐਸ ਸਮੇਤ ਪੰਥ ਵਿਰੋਧੀ ਸ਼ਕਤੀਆਂ ਵੀ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕਰਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੀ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਮੇਸ਼ਾ ਵਿਰੋਧ 'ਚ ਭੁਗਤਦੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਆਰਐਸਐਸ ਵਾਲੀ ਬੋਲੀ ਬੋਲ ਰਹੇ ਹਨ।