Guru Nanak Viah Purab 2024: ਬਰਾਤ ਰੂਪੀ ਸਜਾਇਆ ਗਿਆ ਨਗਰ ਕੀਰਤਨ, ਸ਼ਾਮ ਨੂੰ ਪਹੁੰਚੇਗਾ ਬਟਾਲਾ
Guru Nanak Viah Purab 2024: ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
Guru Nanak Viah Purab 2024: ਰੂਹਾਨੀਅਤ ਦੇ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਫੁੱਲਾਂ ਨਾਲ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੀ ਰੰਗ-ਬਿਰੰਗੇ ਫੁੱਲਾਂ ਦੀ ਮਹਿਕ ਨਾਲ ਮਹਿਕ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਸੰਗਤਾਂ ਨੂੰ ਆਕਰਸ਼ਿਤ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ, ਸਭਾ ਸੁਸਾਇਟੀ ਅਤੇ ਨਾਨਕ ਨਾਮਲੇਵਾ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਬਰਾਤ ਰੂਪੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਵੱਖ-ਵੱਖ ਥਾਵਾਂ 'ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਨਗਰ ਕੀਰਤਨ ਵਿੱਚ ਰਾਗੀ ਜਥਿਆਂ ਵੱਲੋਂ ਗੁਰੂ ਦੀ ਬਾਣੀ ਦਾ ਜਾਪ ਕੀਤਾ ਗਿਆ। ਇਹ ਬਰਾਤ ਰੂਪੀ ਨਗਰ ਕੀਰਤਨ ਅੱਜ ਸ਼ਾਮ ਤੱਕ ਬਟਾਲਾ ਪਹੁੰਚੇਗਾ।
ਬਾਬੇ ਨਾਨਕ ਦੇ ਵਿਆਹ ਪੁਰਬ 'ਤੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਦਰਬਾਰ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ |
ਗੁਰਦੁਆਰਾ ਕੰਪਲੈਕਸ ਵਿਚ ਸਥਿਤ ਦੀਵਾਨ ਹਾਲ ਵੱਖ-ਵੱਖ ਰੰਗ-ਬਿਰੰਗੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਇਕ ਵੱਖਰੀ ਹੀ ਰੌਣਕ ਫੈਲਾ ਰਹੀ ਹੈ।ਗੁਰਦੁਆਰਾ ਸਾਹਿਬ ਦੇ ਅੰਦਰ ਦਰਬਾਰ ਹਾਲ ਵਿੱਚ ਪਾਲਕੀ ਸਾਹਿਬ ਅਤੇ ਤਾਜ਼ੇ ਫੁੱਲਾਂ ਦੀ ਸਜਾਵਟ ਤੋਂ ਨਿਕਲਦੀ ਮਹਿਕ ਸੰਗਤਾਂ ਨੂੰ ਆਕਰਸ਼ਿਤ ਕਰ ਰਹੀ ਹੈ। ਦਰਬਾਰ ਸਾਹਿਬ ਦੇ ਅੰਦਰਲੇ ਹਿੱਸੇ ਨੂੰ ਨਕਲੀ ਫੁੱਲਾਂ ਦੀ ਵਰਤੋਂ ਕਰਕੇ ਵੱਖਰੇ ਤਰੀਕੇ ਨਾਲ ਸਜਾਇਆ ਗਿਆ ਹੈ, ਜੋ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਹੈ।